ਨਵੀਂ ਦਿੱਲੀ 14 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ ‘ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਭਵਾਨੀਗੜ੍ਹ-ਕੋਟਸ਼ਮੀਰ ਸੜਕ ਨੂੰ ਚਾਰ-ਮਾਰਗੀ ਕਰਨ ਦਾ ਵੀ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਬਰਨਾਲਾ-ਬਾਜਾਖਾਨਾ ਅਤੇ ਮਲੇਰਕੋਟਲਾ-ਬਰਨਾਲਾ ਗਲਿਆਰਿਆਂ ਦਾ ਵਿਸਥਾਰ ਵੀ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੇ ਸੜਕੀ ਸੰਪਰਕ, ਆਰਥਿਕ ਆਵਾਜਾਈ ਅਤੇ ਜਨਤਕ ਸੁਰੱਖਿਆ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਜਾਨਾਂ ਦੀ ਰਾਖੀ ਅਤੇ ਸੁਰੱਖਿਅਤ ਹਾਈਵੇਅ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ‘ਸੜਕ ਸੁਰਖਿਆ ਫੋਰਸ’ ਦੇ ਕੰਮਕਾਜ ਦੀ ਭਰਪੂਰ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਸ੍ਰੀ ਨਿਤਿਨ ਗਡਕਰੀ ਨਾਲ ਅੱਜ ਮੀਟਿੰਗ ਕਰਕੇ ਵਡੇਰੇ ਜਨਤਕ ਹਿੱਤ ਵਿੱਚ ਅੰਮ੍ਰਿਤਸਰ ਦੇ ਵੱਲ੍ਹਾ ਫਲਾਈਓਵਰ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਐਨ.ਐਚ.ਏ.ਆਈ. ਵੱਲੋਂ ਐਵਾਰਡ ਕੀਤਾ ਗਿਆ ਸੀ ਜੋ 15 ਸਤੰਬਰ, 2023 ਤੱਕ ਮੁਕੰਮਲ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਦੀ ਮਿਆਦ ਵਿੱਚ ਵਾਰ-ਵਾਰ ਵਾਧਾ ਹੋਣ ਦੇ ਬਾਵਜੂਦ ਇਹ ਕੰਮ ਅਜੇ ਵੀ ਅਧੂਰਾ ਹੈ ਅਤੇ ਇਸ ਨੂੰ ਮੁਕੰਮਲ ਕਰਨ ਦੀ ਤਰੀਕ ਵਧਾ ਕੇ 30 ਅਪ੍ਰੈਲ, 2026 ਤੱਕ ਤੈਅ ਕੀਤੀ ਗਈ ਸੀ ਪਰ ਅਜੇ ਤੱਕ 76 ਫੀਸਦੀ ਕੰਮ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਂਘੇ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਹ ਲਾਂਘਾ ਅੰਮ੍ਰਿਤਸਰ ਏਅਰਪੋਰਟ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜਦਾ ਹੈ ਅਤੇ ਵੀ.ਆਈ.ਪੀਜ਼ ਦੀ ਨਿਰੰਤਰ ਆਵਾਜਾਈ ਸਮੇਤ ਭਾਰੀ ਟ੍ਰੈਫਿਕ ਨਾਲ ਵੀ ਨਜਿੱਠਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਲਗਾਤਾਰ ਦੇਰੀ ਹੋਣ ਨਾਲ ਭੀੜ-ਭੜੱਕਾ ਵਧਦਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਲੋਕਾਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਐਨ.ਐਚ.ਏ.ਆਈ. ਨੂੰ ਵੱਲ੍ਹਾ ਫਲਾਈਓਵਰ ਦੇ ਬਾਕੀ ਰਹਿੰਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਤੁਰੰਤ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਨਿਰਧਾਰਤ ਸਮੇਂ ਵਿੱਚ ਪ੍ਰਾਜੈਕਟ ਪੂਰਾ ਕੀਤਾ ਜਾ ਸਕੇ।
ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਐਨ.ਐਚ.-70 ਦੇ ਚਾਰ ਮਾਰਗੀ ਦੇ ਇਕ ਹੋਰ ਮਹੱਤਵਪੂਰਨ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ ਰੋਡ ਧਾਰਮਿਕ, ਸੈਰ-ਸਪਾਟਾ, ਆਰਥਿਕ ਅਤੇ ਰਣਨੀਤਿਕ ਨਜ਼ਰੀਏ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਇਹ ਰੋਡ ਮਾਤਾ ਚਿੰਤਪੁਰਨੀ ਜੀ ਮੰਦਰ, ਮਾਤਾ ਜਵਾਲਾ ਜੀ ਮੰਦਰ, ਮਾਤਾ ਚਮੁੰਡਾ ਦੇਵੀ ਜੀ ਮੰਦਿਰ, ਧਰਮਸ਼ਾਲਾ, ਮਨਾਲੀ ਅਤੇ ਪਾਲਮਪੁਰ ਸਮੇਤ ਹਿਮਾਚਲ ਪ੍ਰਦੇਸ਼ ਵਿੱਚ ਪ੍ਰਸਿੱਧ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਜੋੜਦਾ ਹੈ।
