Tehsil Complex

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਕਾਂਗਰਸ ਨੇਤਾਵਾਂ ਦੀ ਮਾਨਸਿਕਤਾ ਦਲਿਤ ਵਿਰੋਧੀ, ਧਮਕੀਅਾਂ ਦੇ ਕੇ ਵੋਟਾਂ ਲੈਣਾ ਚਾਹੁੰਦਾ ਹੈ ਵਿਰੋਧੀ ਧਿਰ : ਭਗਵੰਤ ਮਾਨ

ਬਟਾਲਾ, 8 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਟਾਲਾ ’ਚ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਅੱਜ ਸਮਰਪਿਤ ਕੀਤਾ ਗਿਆ, ਜਿਸ ਦਾ ਮਕਸਦ ਨਾਗਰਿਕਾਂ ਨੂੰ ਇਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ’ਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦੇ ਅਧਿਕਾਰ ਖੇਤਰ ’ਚ ਆਉਂਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ’ਚ ਐੱਸ. ਡੀ. ਐੱਮ., ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਦੇ ਦਫ਼ਤਰਾਂ ਦੇ ਨਾਲ ਇਕ ਨਾਗਰਿਕ ਸੇਵਾ ਕੇਂਦਰ ਵੀ ਹੈ। ਇਸ ਕੰਪਲੈਕਸ ਵਿਚ ਇਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ ਵੀ ਹੈ।

ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਪੰਜਾਬ ਯੂਨੀਵਰਸਿਟੀ ’ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਇਸੇ ਤਰ੍ਹਾਂ ਬੀ. ਬੀ. ਐੱਮ. ਬੀ., ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ’ਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਇਸ ਗੱਲ ’ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਕ ਪਾਰਟੀ ਈ.ਵੀ.ਐੱਮ. ਤੇ ਵੋਟ ਚੋਰੀ ’ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦਕਿ ਭਾਜਪਾ ਇਸ ਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ, ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਭੱਦੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵੜਿੰਗ ਨੇ ਅਜਿਹਾ ਬੇਬੁਨਿਆਦ ਬਿਆਨ ਦਿੱਤਾ ਹੈ, ਜਦੋਂ ਕਿ ਇਹ ਸ਼ੁਰੂ ਤੋਂ ਹੀ ਇਨ੍ਹਾਂ ਹੰਕਾਰੀ ਆਗੂਆਂ ਦੀ ਆਦਤ ਰਹੀ ਹੈ। ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿਚ) ਵਰਗੇ ਅਤੇ ਹੋਰ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿਚ ਮੌਤਾਂ ਦੀ ਗਿਣਤੀ 48 ਫੀਸਦੀ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।

ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਮੌਜੂਦ ਸਨ।

Read More : 2 ਮੋਟਰਸਾਇਕਲ ਚੋਰ ਗ੍ਰਿਫਤਾਰ, 25 ਮੋਟਰਸਾਇਕਲ ਬਰਾਮਦ

Leave a Reply

Your email address will not be published. Required fields are marked *