ਸੰਗਰੂਰ, 20 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ। ਇਸਦੇ ਨਾਲ ਹੀ ਉਨ੍ਹਾਂ ਧੂਰੀ ਹਲਕੇ ਦੇ 17 ਪਿੰਡਾਂ ਵਿੱਚ 7.57 ਕਰੋੜ ਰੁਪਏ ਦੀ ਲਾਗਤ ਵਾਲੇ 38 ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।
ਇਹ ਯਤਨ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਥਾਵਾਂ ਦੀ ਸੰਭਾਲ, ਉਨ੍ਹਾਂ ਦੇ ਪ੍ਰਚਾਰ-ਪ੍ਰਸਾਰ ਅਤੇ ਸੰਗਤ ਲਈ ਬਿਹਤਰ ਸਹੂਲਤਾਂ ਵੱਲ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਅੱਜ ਦੇ ਸਮਾਗਮ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਤੋਂ ਪਿੰਡਾਂ ਤੇ ਸ਼ਹਿਰ ਦੇ ਸਰਪੰਚਾਂ, ਕੌਂਸਲਰਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਚੈੱਕ ਸੌਂਪੇ ਗਏ।
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੰਗਤ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀਨਗਰ ਤੋਂ ਅਤੇ ਪੰਜਾਬ ਦੇ ਤਿੰਨ ਸ਼ਹਿਰਾਂ ਫਰੀਦਕੋਟ, ਗੁਰਦਾਸਪੁਰ ਅਤੇ ਤਲਵੰਡੀ ਸਾਬੋ ਤੋਂ ਨਗਰ ਕੀਰਤਨ ਰਵਾਨਾ ਹੋ ਚੁੱਕੇ ਹਨ ਜੋ ਲਗਪਗ ਸੂਬੇ ਦੇ ਸਾਰੇ ਸ਼ਹਿਰਾ ਵਿੱਚੋਂ ਗੁਜ਼ਰਨਗੇ। ਉਨ੍ਹਾਂ ਨੇ ਲੋਕਾਂ ਨੂੰ ਨਗਰ ਕੀਰਤਨਾਂ ਵਿੱਚ ਸ਼ਾਮਲ ਹੋ ਕੇ ਦਰਸ਼ਨ ਕਰਨ ਦੀ ਅਪੀਲ ਕੀਤੀ। ਨਗਰ ਕੀਰਤਨਾਂ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ।
Read More : ਵਿਧਾਇਕ ਕੋਹਲੀ ਵੱਲੋਂ ਨਿਗਮ ਦੇ ਜਨਰਲ ਹਾਊਸ ਵਿਚ ਬਿਨਾ ਏਜੰਡੇ ਤੋਂ ਲਿਆਂਦੇ 2 ਮਤੇ ਹੋਏ ਪਾਸ
