10.80 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਤਹਿਸੀਲ ਕੰਪਲੈਕਸ
ਪਟਿਆਲਾ, 9 ਜੂਨ :- ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਸਨੌਰ ਵਿਖੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਹੋਈ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕੀਤਾ।
ਇਸ ਦੌਰਾਨ ਐੱਸ. ਡੀ. ਐੱਮ., ਤਹਿਸੀਲਦਾਰ, ਨਾਇਬ-ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿਚ ਰੱਖਿਆ ਗਿਆ ਸੀ। ਇਸ ਨੂੰ ਰਿਕਾਰਡ ਸਮੇਂ ’ਚ ਪੂਰਾ ਕੀਤਾ ਗਿਆ ਹੈ।
ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨਸਾਧਾਂ ਮੁੱਖ ਤੌਰ ’ਤੇ ਇਕ ਪੇਂਡੂ ਖੇਤਰ ਹੈ। ਪਹਿਲਾਂ ਐੱਸ. ਡੀ. ਐੱਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ’ਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ’ਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕਾਂ ਤੇ ਵੱਡੀ ਗਿਣਤੀ ’ਚ ਪੁੱਜੇ ਹਲਕਾ ਨਿਵਾਸੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੁੱਧਨਸਾਧਾਂ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਮੰਤਰੀ ਮੁੰਡੀਆਂ
ਇਸ ਮੌਕੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਉਹ ਖੁਦ 2 ਵਾਰ ਇਸ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਦਾ ਨਿਰੀਖਣ ਕਰ ਕੇ ਗਏ ਸਨ। ਇਸ ਕੰਪਲੈਕਸ ਨੂੰ 8.55 ਕਰੋੜ ਰੁਪਏ ਦੀ ਲਾਗਤ ਨਾਲ ਰਿਕਾਰਡ ਸਮੇਂ ’ਚ ਮੁਕੰਮਲ ਕੀਤਾ ਗਿਆ ਹੈ, ਜਿਥੇ ਇਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
Read More : ਪਟਿਆਲਾ ਦੇ ਮਹਾਰਾਜੇ ਨੇ ਆਪਣੇ ਵਿਕਾਸ ਵੱਲ ਧਿਆਨ ਦਿੱਤਾ : ਭਗਵੰਤ ਮਾਨ
