ਸ੍ਰੀ ਫਤਹਿਗੜ੍ਹ ਸਾਹਿਬ, 15 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਲਗਭਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ’ਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ’ਚ ਕੰਮ ਮੁਕੰਮਲ ਕਰ ਲਏ ਜਾਣਗੇ।
ਉਨ੍ਹਾਂ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੂਰੇ ਜ਼ਿਲੇ ਨੂੰ ਸੈਕਟਰਾਂ ’ਚ ਵੰਡ ਕੇ ਹਰੇਕ ਸੈਕਟਰ ਦੀ ਨਿਗਰਾਨੀ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲੇ ’ਚ 300 ਮੋਬਾਈਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਅਤੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣ।
ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਕੇ ਇਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਲੋੜ ਪੈਣ ’ਤੇ ਲੋਕ ਸੰਪਰਕ ਕਰ ਸਕਣ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ’ਚ ਮਹਾਨ ਕੁਰਬਾਨੀ ਦਿੱਤੀ ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ’ਚ ਨਹੀਂ ਮਿਲਦੀ।
Read More : 2 ਦਿਨਾਂ ਦੇ ਦੌਰੇ ’ਤੇ ਜਾਰਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ
