ਕਿਹਾ-ਸ਼ਰਾਰਤੀ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਜਾਵੇ
ਚੰਡੀਗੜ੍ਹ, 24 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੁਲਿਸ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ।
ਪੁਲਿਸ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ।
ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ।
ਮੁੱਖ ਮੰਤਰੀ ਨੇ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ, ਭੀੜ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਢੁਕਵੇਂ ਪ੍ਰਬੰਧਾਂ ਦੇ ਨਾਲ-ਨਾਲ ਮੈਡੀਕਲ ਐਮਰਜੈਂਸੀ, ਆਫ਼ਤ ਪ੍ਰਬੰਧਨ ਲਈ ਤਿਆਰੀ ਅਤੇ ਹੋਰ ਅਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਤਿਆਰੀ ਉੱਪਰ ਜ਼ੋਰ ਦਿੱਤਾ। ਕੁੱਝ ਇਲਾਕਿਆਂ ਵਿੱਚ ਸਮਾਜਿਕ ਤਣਾਅ ਦੀਆਂ ਹਾਲੀਆ ਰਿਪੋਰਟਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਮਾਜਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਪੁਲਿਸ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਸੂਬੇ ਭਰ ਵਿੱਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਪ੍ਰਸਾਰਿਤ ਭੜਕਾਊ ਸਮੱਗਰੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਦਾ ਮਕਸਦ ਸਿਆਸੀ ਜਾਂ ਫਿਰਕੂ ਤਣਾਅ ਨੂੰ ਹਵਾ ਦੇਣਾ ਹੈ, ਜਿਸ ਨਾਲ ਕਾਨੂੰਨ ਵਿਵਸਥਾ ਲਈ ਖ਼ਤਰਾ ਖੜ੍ਹਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਤੇ ਐਸ.ਐਸ.ਪੀਜ਼ ਦੇ ਪੱਧਰ ਉਤੇ ਸੋਸ਼ਲ ਮੀਡੀਆ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ ਅਜਿਹੀ ਸਾਰੀ ਸਮੱਗਰੀ ਸਖ਼ਤ ਕਾਰਵਾਈ ਲਈ ਫੌਰੀ ਸਾਈਬਰ ਕਰਾਈਮ ਯੂਨਿਟਾਂ ਨੂੰ ਭੇਜਣ ਲਈ ਆਖਿਆ ਤਾਂ ਕਿ ਅਜਿਹੀ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਮਾਨ ਨੇ ਅੱਗੇ ਕਿਹਾ ਕਿ ਇਹ ਪਹੁੰਚ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਏਗੀ ਅਤੇ ਪੁਲਿਸ ਨੂੰ ਆਪਣੀਆਂ ਮੁੱਖ ਜ਼ਿੰਮੇਵਾਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਖੁੱਲ੍ਹ ਦੇਵੇਗੀ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੰਸਥਾਗਤ ਢਾਂਚਾ ਤਿਆਰ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵਿਰੋਧੀ ਤਾਕਤਾਂ ਤੋਂ ਲਗਾਤਾਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ।
ਪੁਲਿਸ ਫੋਰਸ ਦੀ ਮਾਣਮੱਤੀ ਵਿਰਾਸਤ ਦੀ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੁਲਿਸ ਫੋਰਸ ਦੇਸ਼ ਵਿਰੋਧੀ ਤੱਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਆਪਣੀ ਰਵਾਇਤ ਬਰਕਰਾਰ ਰੱਖੇਗੀ।
Read More : 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਇਕ ਹੋਰ ਗ੍ਰਿਫ਼ਤਾਰ
