ਸਰਕਾਰ ਲੋਕਾਂ ਦੀ ਜਾਨਮਾਲ ਦੀ ਰਾਖੀ ਦੇ ਲਈ ਵਚਨਬੱਧ : ਭਗਵੰਤ ਮਾਨ
ਗੁਰਦਾਸਪੁਰ, 27 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੁਰਦਾਸਪੁਰ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪਹੁੰਚੇ। ਪਹਿਲਾਂ ਉਨ੍ਹਾਂ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਉਸ ਤੋਂ ਬਾਅਦ ਉਹ ਬਹਿਰਾਮਪੁਰ ਪਹੁੰਚੇ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਸਕਣ। ਪਰ ਹੜ੍ਹ ਦੇ ਪਾਣੀ ਕਾਰਨ ਉਹ ਬਹਿਰਾਮਪੁਰ ਤੋਂ ਅੱਗੇ ਨਹੀਂ ਜਾ ਸਕੇ ਅਤੇ ਉਨ੍ਹਾਂ ਨੇ ਉੱਥੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕਰਨ ਦਾ ਵਾਅਦਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ 92 ਵਿਧਾਨ ਸਭਾ ਸੀਟਾਂ ਜਿੱਤਾ ਕੇ ਪੰਜਾਬ ਵਿਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ। ਲੋਕਾਂ ਕਾਰਨ ਹੀ ਮੈਨੂੰ ਹੈਲੀਕਾਪਟਰ ਮਿਲਿਆ ਹੈ। ਉਹ ਜ਼ਿਲਾ ਗੁਰਦਾਸਪੁਰ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅਤੇ ਹੜ੍ਹ ਪੀੜਤਾਂ ਨੂੰ ਲੋੜ ਅਨੁਸਾਰ ਸਾਮਾਨ ਪਹੁੰਚਾਉਣ ਲਈ ਆਪਣਾ ਸਰਕਾਰੀ ਹੈਲੀਕਾਪਟਰ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਨੂੰ ਸੌਂਪ ਰਹੇ ਹਨ ਤਾਂ ਜੋ ਹੜ੍ਹ ਬਚਾਅ ਕਾਰਜਾਂ ’ਚ ਤੇਜ਼ੀ ਲਿਆਂਦੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਰਾਵੀ ਦਰਿਆ ਵਿੱਚ ਹੜ੍ਹ ਦੀ ਸਥਿਤੀ ਕਾਰਨ ਇਲਾਕੇ ਦੇ ਕਈ ਪਿੰਡ ਪਾਣੀ ਦੇ ਵਹਾਅ ਕਾਰਨ ਹੜ੍ਹ ਦੀ ਲਪੇਟ ਵਿੱਚ ਹਨ, ਜਿਸ ਕਾਰਨ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਇਹ ਵੀ ਸੱਚ ਹੈ ਕਿ ਰਾਵੀ ਦਰਿਆ ਕਾਰਨ ਗੁਰਦਾਸਪੁਰ ਜ਼ਿਲੇ ’ਚ ਸਥਿਤੀ ਬਹੁਤ ਮਾੜੀ ਹੈ। ਜ਼ਿਲਾ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ ਨੂੰ ਤੇਜ਼ ਕਰਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਕੇ ਉਨ੍ਹਾਂ ਦੀ ਹਰ ਜ਼ਰੂਰਤ ਪੂਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਬਹਿਰਾਮਪੁਰ ਸ਼ਹਿਰ ਪਹੁੰਚੇ ਪਰ ਅਗਲੇ ਪਿੰਡਾਂ ’ਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਬਹਿਰਾਮਪੁਰ ਸ਼ਹਿਰ ਤੋਂ ਪਾਰਲੇ ਪਿੰਡਾਂ ਤੱਕ ਨਹੀਂ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਜੋ ਵੱਡੀ ਗਿਣਤੀ ’ਚ ਇੱਥੇ ਪਹੁੰਚੇ ਸਨ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਸੂਬੇ ਵਿਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵੇਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ’ਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕੰਮ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ’ਚ ‘ਆਪ’ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵਿਚ ਪੰਜਾਬ ਹੈਲਥ ਕਾਰਪੋਰੇਸ਼ਨ ਿਸਸਟਮਜ਼ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਸ਼ਾਮਲ ਸਨ।
Read More : ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਹਾਇਤਾ ਕੇਂਦਰ ਸਥਾਪਤ