ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ’ਚ ਹਿੱਸਾ ਲੈਣ ਦਾ ਸੱਦਾ ਦਿੱਤਾ
ਚੰਡੀਗੜ੍ਹ, ਦਿੱਲੀ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ’ਚ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ’ਚ ਹਿੱਸਾ ਲੈਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਇਸ ਮੌਕੇ ’ਤੇ ਰਾਸ਼ਟਰਪਤੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਰਾਸ਼ਟਰਪਤੀ ਨੂੰ ਇਕ ਮਹੀਨੇ ਤਕ ਪੰਜਾਬ ’ਚ ਚੱਲਣ ਵਾਲੇ ਸਮਾਗਮਾਂ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਸਮਾਗਮਾਂ ਦਾ ਸ਼ੁੱਭ-ਆਰੰਭ ਦਿੱਲੀ ਵਿਚ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ, ਰਕਾਬਗੰਜ ਤੋਂ ਸ਼ੁਰੂ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ-ਜਿਨ੍ਹਾਂ ਥਾਵਾਂ ’ਤੇ ਗੁਰੂ ਜੀ ਨੇ ਚਰਨ ਰੱਖੇ ਸਨ, ਉੱਥੇ ਸਮਾਗਮ ਰੱਖੇ ਗਏ ਹਨ। ਉਨ੍ਹਾਂ ਰਾਸ਼ਟਰਪਤੀ ਨੂੰ 18 ਤੋਂ 25 ਨਵੰਬਰ ਦਰਮਿਆਨ ਕਿਸੇ ਵੀ ਦਿਨ ਸਮਾਗਮ ਵਿਚ ਹਿੱਸਾ ਲੈਣ ਲਈ ਕਿਹਾ। ਰਾਸ਼ਟਰਪਤੀ ਪਹਿਲਾਂ ਹੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਲਈ ਆ ਚੁੱਕੀ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਕਾਫੀ ਧਾਰਮਿਕ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਲਈ ਬਲੀਦਾਨ ਦਿੱਤਾ ਸੀ। ਪੰਜਾਬ ਸਰਕਾਰ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਅਤੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨੂੰ ਵੀ ਸੱਦਾ ਦਿੱਤਾ ਹੈ। ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ’ਚ ਆਯੋਜਿਤ ਕਰਨ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ। ਉਨ੍ਹਾਂ ਦੇ ਖਾਨਦਾਨ ਵਿਚ ਸਭ ਤੋਂ ਵੱਧ ਕੁਰਬਾਨੀਆਂ ਤੇ ਸ਼ਹੀਦੀਆਂ ਦਿੱਤੀਆਂ ਗਈਆਂ।
Read More : ਅਮਰੀਕਾ ’ਚੋਂ ਕੱਢੇ 46 ਭਾਰਤੀ
