ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮੁਕੱਦਮੇ ਦੀ ਆਡੀਓ-ਵੀਡੀਓ ਮੰਗੀ
ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਇਕ ਚਿੱਠੀ ਲਿਖ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮੁਕੱਦਮੇ ਨਾਲ ਸਬੰਧਤ ਆਡੀਓ ਅਤੇ ਵੀਡੀਓ ਰਿਕਾਰਡਿੰਗ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਡਿਪਟੀ ਬ੍ਰਿਟਿਸ਼ ਹਾਈ ਕਮਿਸ਼ਨਰ ਅਲਬਾਸ ਮੈਰੀਗਲੀਓ ਨੂੰ ਲਿਖੀ ਚਿੱਠੀ ’ਚ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮੁਕੱਦਮੇ ਦੀ ਅਸਲ ਆਡੀਓ-ਵੀਡੀਓ ਰਿਕਾਰਡਿੰਗ ਅਤੇ ਹੋਰ ਅਹਿਮ ਦਸਤਾਵੇਜ਼ ਸਕਾਟਲੈਂਡ ’ਚ ਅਧਿਕਾਰੀਆਂ ਕੋਲ ਸੁਰੱਖਿਅਤ ਪਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਮੁਕੱਦਮੇ ਨਾਲ ਸਬੰਧਤ ਜਾਣਕਾਰੀ ਨੂੰ ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ, ਖਟਕੜ ਕਲਾਂ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕਾਟਲੈਂਡ ਦੇ ਅਧਿਕਾਰੀ ਇਹ ਦਸਤਾਵੇਜ਼ ਅਤੇ ਆਡੀਓ-ਵੀਡੀਓ ਮੁਹੱਈਆ ਕਰਵਾਉਂਦੇ ਹਨ, ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਬਹੁਤ ਸ਼ੁਕਰਗੁਜ਼ਾਰ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਾਲਮੇਲ ਅਤੇ ਹੋਰ ਪੱਤਰ ਵਿਹਾਰ ਲਈ ਬ੍ਰਿਟਿਸ਼ ਹਾਈ ਕਮਿਸ਼ਨ ਪੰਜਾਬ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਦੇ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਡਾ. ਅਭਿਨਵ ਤ੍ਰਿਖਾ ਨਾਲ ਸੰਪਰਕ ਕਰ ਸਕਦਾ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਕੋਲ ਹੋਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਸ਼ਹੀਦਾਂ ਦੀ ਸੋਚ ਹਰ ਪੰਜਾਬੀ ਦੇ ਦਿਲ ਦੇ ਕਰੀਬ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖਟਕੜ ਕਲਾਂ ਵਿਖੇ ਅਤਿ-ਆਧੁਨਿਕ ‘ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ’ ਤਿਆਰ ਕਰ ਰਹੀ ਹੈ, ਜਿਥੇ ਇਨ੍ਹਾਂ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਯਾਦਾਂ ਅਤੇ ਰਿਕਾਰਡ ਉਪਲਬਧ ਕਰਵਾਏ ਜਾਣਗੇ।
Read More : ਗਾਇਕ ਗੁਲਾਬ ਸਿੱਧੂ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਸਰਪੰਚ ਸਮੇਤ 3 ਗ੍ਰਿਫਤਾਰ
