Bhagwamt-mann

ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ: ਬਠਿੰਡਾ ਕੈਂਸਰ ਹਸਪਤਾਲ ਦੀ ਬਦਲੇਗੀ ਨੁਹਾਰ

ਰੋਬੋਟਿਕ ਸਰਜਰੀ ਤੇ ਨਵੀਂ ਭਰਤੀ ਦਾ ਐਲਾਨ, ਕਿਹਾ-ਖਾਮੀਆਂ ਲੱਭਣ ਨਹੀਂ, ਸਹੂਲਤਾਂ ਵਧਾਉਣ ਆਇਆ ਹਾਂ

ਬਠਿੰਡਾ, 5 ਅਪ੍ਰੈਲ : ਪੰਜਾਬ ਵਿਚ ਕੈਂਸਰ ਦੇ ਇਲਾਜ ਨੂੰ ਨਵੀਂਆਂ ਉਚਾਈਆਂ ‘ਤੇ ਲੈ ਕੇ ਜਾਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਸਥਾ ਦੇ ਬੁਨਿਆਦੀ ਢਾਂਚੇ, ਤਕਨਾਲੋਜੀ ਅਤੇ ਸਰੋਤਾਂ ਵਿੱਚ ਵੱਡੇ ਸੁਧਾਰਾਂ ਦੇ ਆਦੇਸ਼ ਦਿੱਤੇ ਅਤੇ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੇ ਇਲਾਜ ਦੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਸ ਸੰਸਥਾ ਨੂੰ ਇੱਕ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਮਰੀਜ਼ਾਂ ਦੇ ਬਿਹਤਰ ਇਲਾਜ ਲਈ ਇੱਥੇ ਜਲਦੀ ਹੀ ‘ਰੋਬੋਟਿਕ ਸਰਜਰੀ’ ਵਰਗੀ ਉੱਨਤ ਸੁਧਾਰ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਲਈ ਛੇਤੀ ਤੋਂ ਛੇਤੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਹਸਪਤਾਲ ਵਿੱਚ ਸਟਾਫ਼ ਦੀ ਕਮੀ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਵਾਧੂ ਸਟਾਫ਼ ਦੀ ਭਰਤੀ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਨੁਕਸ ਕੱਢਣਾ ਨਹੀਂ ਸਗੋਂ ਜ਼ਮੀਨੀ ਹਕੀਕਤਾਂ ਨੂੰ ਸਮਝ ਕੇ ਸੰਸਥਾ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਮਾਲਵਾ ਖੇਤਰ ਸਮੇਤ ਪੂਰੇ ਪੰਜਾਬ ਦੇ ਮਰੀਜ਼ਾਂ ਨੂੰ ਵੱਡਾ ਲਾਭ ਮਿਲ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਮੁਫ਼ਤ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਅਤੇ ਕਿਫ਼ਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More : ਮੋਗਾ ਵਿਚ ਸੀ.ਐੱਮ. ਭਗਵੰਤ ਮਾਨ ਵੱਲੋਂ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

Leave a Reply

Your email address will not be published. Required fields are marked *