ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਕੀਤੀ ਸਮਰਪਿਤ
ਧੂਰੀ, 20 ਜੁਲਾਈ :- ਨੌਜਵਾਨਾਂ ਵਿਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ’ਚ ਵੱਖ-ਵੱਖ ਵਿਸ਼ਿਆਂ ’ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ’ਚ ਯੋਗਦਾਨ ਪਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਹਰੇਕ ਵਿਧਾਨ ਸਭਾ ਹਲਕੇ ਵਿਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਇਹ ਲਾਇਬ੍ਰੇਰੀਆਂ ਡਿਜੀਟਲ ਤੌਰ ’ਤੇ ਆਪਸ ਵਿਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ।
Read More : ਭਾਜਪਾ ‘ਲੈਂਡ ਪੂਲਿੰਗ ਪਾਲਿਸੀ’ ਖਿਲਾਫ ਲੜੇਗੀ ਆਰ-ਪਾਰ ਦੀ ਲੜਾਈ : ਚੁੱਘ, ਅਸ਼ਵਨੀ