ਮੀਟਿੰਗ

ਹੜ੍ਹ ਰੋਕਥਾਮ ਲਈ ਮੁੱਖ ਮੰਤਰੀ ਮਾਨ ਦੇ ਸਖ਼ਤ ਹੁਕਮ; ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੀ ਚਿਤਾਵਨੀ

ਮਾਨਸੂਨ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਅਤੇ ਪ੍ਰਦੂਸ਼ਣ ਕੰਟਰੋਲ ਪ੍ਰਾਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼; ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਮੁਲਾਕਾਤ

ਚੰਡੀਗੜ੍ਹ, 26 ਅਪ੍ਰੈਲ : ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਫ਼ ਕਿਹਾ ਕਿ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਨਿੱਜੀ ਤੌਰ ‘ਤੇ ਜਵਾਬਦੇਹ ਹੋਣਗੇ। ਇਸ ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।

ਮੀਟਿੰਗ ਦੇ ਮੁੱਖ ਨਿਰਦੇਸ਼:

ਹੜ੍ਹ ਸੁਰੱਖਿਆ : ਡਰੇਨਾਂ, ਦਰਿਆਵਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ (ਜਿਵੇਂ ਕਿ ਗਿੱਦੜਪਿੰਡੀ ਰੇਲਵੇ ਪੁਲ) ਦੀ ਤੁਰੰਤ ਸਫ਼ਾਈ ਅਤੇ ਡੀ-ਸਿਲਟਿੰਗ ਯਕੀਨੀ ਬਣਾਈ ਜਾਵੇ।

ਬੁੱਢਾ ਨਾਲਾ : ਲੁਧਿਆਣਾ ਵਿੱਚ ਬੁੱਢੇ ਨਾਲੇ ਦੀ ਸਫ਼ਾਈ ਜਾਰੀ ਰੱਖਣ ਅਤੇ ਡੇਅਰੀਆਂ ਤੋਂ ਗੋਹਾ ਸੁੱਟਣ ਦੀ ਰੋਕਥਾਮ ਲਈ ਨਗਰ ਨਿਗਮ ਨੂੰ ਸਖ਼ਤ ਕਦਮ ਚੁੱਕਣ ਦੇ ਆਦੇਸ਼।

ਪ੍ਰਦੂਸ਼ਣ ਕੰਟਰੋਲ : ਹੇਬੋਵਾਲ ਅਤੇ ਤਾਜਪੁਰ ਵਿਖੇ ਸੀ.ਬੀ.ਜੀ. ਪਲਾਂਟਾਂ ਦੇ ਕੰਮਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਉਦਯੋਗਿਕ ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਾਰਵਾਈ ਕਰਨ ਲਈ ਕਿਹਾ।

ਜਲ ਪ੍ਰਬੰਧਨ : ਚਿੱਟੀ ਵੇਈਂ ਵਿੱਚ ਪਾਣੀ ਛੱਡਣ ਅਤੇ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ ਪਾਣੀ ਛੱਡਣ ਵਰਗੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ।

ਬੁਨਿਆਦੀ ਢਾਂਚਾ: ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਲਈ ਕੇਂਦਰੀ ਪੇਂਡੂ ਵਿਕਾਸ ਮੰਤਰੀ ਨਾਲ ਗੱਲਬਾਤ ਕਰਕੇ ਨਾਬਾਰਡ ਦੇ ਸਹਿਯੋਗ ਨਾਲ 117.75 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਮੀਨੀ ਪੱਧਰ ‘ਤੇ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲਣਗੇ।

Read More : ਪੀ.ਆਰ.ਟੀ.ਸੀ. ‘ਚ ਸੁਧਾਰ ਲਈ ਐਕਸ਼ਨ ਮੋਡ ‘ਚ ਚੇਅਰਮੈਨ ਹਰਪਾਲ ਜੁਨੇਜਾ

Leave a Reply

Your email address will not be published. Required fields are marked *