ਭ੍ਰਿਸ਼ਟਾਚਾਰ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦੁਹਰਾਇਆ
ਚੰਡੀਗੜ੍ਹ, 21 ਅਕਤੂਬਰ :ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ ਕੋਈ ਵੀ ਅਹੁਦਾ ਜਾਂ ਪ੍ਰਭਾਵ ਹੋਵੇ, ਭ੍ਰਿਸ਼ਟਾਚਾਰ ’ਚ ਸ਼ਾਮਲ ਮਿਲਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ-ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖ਼ਸ਼ ਕੇ ਜ਼ੀਰੋ-ਟਾਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸੇ ਨੀਤੀ ਤਹਿਤ ਕੇਂਦਰੀ ਜਾਂਚ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ’ਚ ਪਾਰਦਰਸ਼ਤਾ, ਜਵਾਬਦੇਹੀ ਤੇ ਈਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈਆਂ ਨਾਲ ਜਨਤਾ ਦੇ ਵਿਸ਼ਵਾਸ ਨੂੰ ਖੋਰਾ ਲੱਗਦਾ ਹੈ ਅਤੇ ਦੇਸ਼ ਦੀ ਤਰੱਕੀ ’ਚ ਖੜੋਤ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ’ਚ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟ ਗਤੀਵਿਧੀਆਂ ’ਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹੇ ਕੰਮਾਂ ’ਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।
Read More : ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ : ਧਾਲੀਵਾਲ