ਬਲਤੇਜ-ਪੰਨੂ

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਦੇਣ, ਸੁਖਬੀਰ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ : ਪੰਨੂ

ਚੰਡੀਗੜ੍ਹ, 25 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ‘ਅੱਤਵਾਦੀ’ ਐਲਾਨਣ ਵਾਲੇ ਬਿਆਨ ‘ਤੇ ਜ਼ੋਰਦਾਰ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਇਹ ਦਾਅਵਾ ਕਿ ਉਹ ਸੱਤਾ ਵਿੱਚ ਆਉਂਦਿਆਂ ਹੀ ਪਹਿਲੀ ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਕਰਨਗੇ, ਪੰਜਾਬ ਦੇ ਲੋਕਾਂ ਨਾਲ ਇੱਕ ਕੋਝਾ ਮਜ਼ਾਕ ਹੈ।

ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਦੌਰਾਨ ਹੀ ਬੀਜੇ ਗਏ ਸਨ। ਉਨ੍ਹਾਂ ਸਵਾਲ ਕੀਤਾ ਕਿ 2007 ਤੋਂ ਪਹਿਲਾਂ ਪੰਜਾਬ ਨੇ ‘ਗੈਂਗਸਟਰ’ ਸ਼ਬਦ ਨਹੀਂ ਸੀ ਸੁਣਿਆ, ਪਰ ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਪੰਨੂ ਨੇ ਨਾਬਾ ਜੇਲ੍ਹ ਬ੍ਰੇਕ ਕਾਂਡ, ਫਰੀਦਕੋਟ ਅਗਵਾ ਕਾਂਡ ਅਤੇ ਅੰਮ੍ਰਿਤਸਰ ਵਿੱਚ ਏ.ਐਸ.ਆਈ ਦੇ ਕਤਲ ਵਰਗੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਅਕਾਲੀ ਆਗੂਆਂ ਦੀ ਸ਼ਹਿ ‘ਤੇ ਗੁੰਡਾਗਰਦੀ ਨੰਗਾ ਨਾਚ ਕਰਦੀ ਸੀ।

ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ 2012 ਵਿੱਚ ਅਕਾਲੀ ਸਰਕਾਰ ਦੇ ਦੁਬਾਰਾ ਆਉਣ ‘ਤੇ ਚਿੱਟਾ ਆਪਣੇ ਸਿਖਰ ‘ਤੇ ਪਹੁੰਚ ਗਿਆ ਸੀ। ਉਨ੍ਹਾਂ ਕਿਹਾ, “ਜਦੋਂ ਪੁਲਿਸ ਤਸਕਰਾਂ ਨੂੰ ਫੜਦੀ ਸੀ, ਤਾਂ ਅੱਧੇ ਘੰਟੇ ਵਿੱਚ ਅਕਾਲੀ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਪਹੁੰਚ ਜਾਂਦੀਆਂ ਸਨ। ਸੁਖਬੀਰ ਬਾਦਲ ਦੱਸਣ ਕਿ ਉਨ੍ਹਾਂ ਦੇ ਰਾਜ ਵਿੱਚ ਸਕੂਟਰ ਠੀਕ ਕਰਨ ਵਾਲੇ ਲੋਕ ਅਰਬਪਤੀ ਕਿਵੇਂ ਬਣ ਗਏ?”

ਪੰਨੂ ਨੇ ਬੇਅਦਬੀ ਦੇ ਮੁੱਦੇ ‘ਤੇ ਸੁਖਬੀਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਅਤੇ ਬਰਗਾੜੀ ਬੇਅਦਬੀ ਦੇ ਗੁਨਾਹਗਾਰ ਕਿਸ ਮੂੰਹ ਨਾਲ ਕਾਨੂੰਨ ਵਿਵਸਥਾ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਖ਼ੁਦ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਅਕਾਲੀ ਪਰਿਵਾਰ ‘ਤੇ ਸਵਾਲ ਚੁੱਕ ਰਹੇ ਹਨ, ਤਾਂ ਸੁਖਬੀਰ ਬਾਦਲ ਨੇ ਚੁੱਪ ਕਿਉਂ ਧਾਰੀ ਹੋਈ ਹੈ?

ਪੰਨੂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਮੁੜ ਸੱਤਾ ਦੀ ਭੁੱਖ ਸਤਾ ਰਹੀ ਹੈ ਤਾਂ ਜੋ ਉਹ ਆਪਣਾ ਪੁਰਾਣਾ ਨਸ਼ੇ ਦਾ ਸਾਮਰਾਜ ਮੁੜ ਖੜ੍ਹਾ ਕਰ ਸਕਣ, ਪਰ ਪੰਜਾਬ ਦੇ ਲੋਕ ਉਨ੍ਹਾਂ ਦੀ ਅਸਲੀਅਤ ਪਛਾਣ ਚੁੱਕੇ ਹਨ।

Read More : ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ‘ਹੋਲਾ ਮਹੱਲਾ’ ਅੱਜ ਤੋਂ ਸ਼ੁਰੂ

Leave a Reply

Your email address will not be published. Required fields are marked *