ਬਠਿੰਡਾ ਕਿਸਾਨ-ਪੁਲਸ

ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ; ਅੱਥਰੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ

ਪਿੰਡ ਜਿਉਂਦ ਬਣਿਆ ਜੰਗ ਦਾ ਮੈਦਾਨ, ਕਈ ਕਿਸਾਨ ਜ਼ਖ਼ਮ

ਬਠਿੰਡਾ, 18 ਫਰਵਰੀ : ਪੰਜਾਬ ਵਿੱਚ ਕਿਸਾਨਾਂ ਅਤੇ ਸਰਕਾਰ ਵਿਚਕਾਰ ਟਕਰਾਅ ਇਕ ਵਾਰ ਫਿਰ ਸਿਖਰਾਂ ‘ਤੇ ਪਹੁੰਚ ਗਿਆ ਹੈ। ਬਠਿੰਡਾ ਦੇ ਪਿੰਡ ਜਿਉਂਦ ਵਿੱਚ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਸ ਵੱਲੋਂ ਕੀਤੇ ਗਏ ਸਖ਼ਤ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕਾਰਨ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ। ਇਸ ਕਾਰਵਾਈ ਦੌਰਾਨ ਅੱਧੀ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ, ਜਦਕਿ ਇਕ ਕਿਸਾਨ ਦੇ ਹੱਥ ਵਿੱਚ ਅੱਥਰੂ ਗੈਸ ਦਾ ਗੋਲਾ ਫਟਣ ਕਾਰਨ ਉਸ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਬੀ.ਕੇ.ਯੂ. ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨ ਆਪਣੇ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਸਨ। ਪੁਲਸ ਨੇ ਕਿਸਾਨਾਂ ਨੂੰ ਬਠਿੰਡਾ ਪਹੁੰਚਣ ਤੋਂ ਰੋਕਣ ਲਈ ਪਿੰਡ ਜਿਉਂਦ ਕੋਲ ਬੈਰੀਕੇਡਿੰਗ ਕਰਕੇ ਰਸਤੇ ਬੰਦ ਕਰ ਦਿੱਤੇ। ਜਦੋਂ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਛੱਡੇ। ਜਵਾਬ ਵਿੱਚ ਕਿਸਾਨਾਂ ਨੇ ਵੀ ਪੱਥਰਬਾਜ਼ੀ ਕੀਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ।

ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਪੁਲਸ ਨੇ ਘਰਾਂ ਵਿੱਚ ਦਾਖ਼ਲ ਹੋ ਕੇ ਮਜ਼ਦੂਰ ਅਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕਾਰਨ ਔਰਤਾਂ ਅਤੇ ਬਜ਼ੁਰਗਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਹਰਜਿੰਦਰ ਸਿੰਘ ਬੱਗੀ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਫਿਲਹਾਲ ਪਿੰਡ ਵਿੱਚ ਭਾਰੀ ਪੁਲਸ ਫੋਰਸ ਤਾਇਨਾਤ ਹੈ ਅਤੇ ਤਣਾਅ ਬਰਕਰਾਰ ਹੈ।

Read More : 60 ਸਾਲ ਦੀ ਉਮਰ ਵਿਚ ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਦਿਹਾਂਤ

Leave a Reply

Your email address will not be published. Required fields are marked *