ਕਿਹਾ-ਧੀਆਂ ਦੀ ਮਿਹਨਤ ਨੂੰ ਸਲਾਮ: ਭੱਠਾ ਮੁਨੀਮ ਅਤੇ ਆਮ ਪਰਿਵਾਰਾਂ ਦੀਆਂ ਬੇਟੀਆਂ ਨੇ ਸਿੱਖਿਆ ਦੇ ਖੇਤਰ ਵਿਚ ਗੱਡੇ ਝੰਡੇ
ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਨਵੀਂ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ‘ਚੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨਿਵਾਸ ‘ਤੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਇਸ ਖ਼ਾਸ ਮੌਕੇ ‘ਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥਣਾਂ ਦੇ ਤਜ਼ਰਬਿਆਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਵਾਰ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਕ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਧੀ ਨੇ ਹਾਸਲ ਕੀਤਾ ਹੈ। ਦੂਜੇ ਅਤੇ ਤੀਜੇ ਸਥਾਨ ‘ਤੇ ਕ੍ਰਮਵਾਰ ਟਾਈਲਾਂ ਦੀ ਦੁਕਾਨ ਚਲਾਉਣ ਵਾਲੇ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਖੁਸ਼ੀ ਸਾਂਝੀ ਕਰਦਿਆਂ ਲਿਖਿਆ ਕਿ ਸਧਾਰਨ ਪਰਿਵਾਰਾਂ ਦੇ ਬੱਚਿਆਂ ਵੱਲੋਂ ਸਥਾਪਤ ਕੀਤੇ ਗਏ ਇਹ ਕੀਰਤੀਮਾਨ ਮਾਣ ਵਾਲੀ ਗੱਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦਾ ਆਤਮ-ਵਿਸ਼ਵਾਸ ਅਤੇ ਮਿਹਨਤ ਵੇਖ ਕੇ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮਿਆਰੀ ਸਿੱਖਿਆ ਅਤੇ ਆਧੁਨਿਕ ਸਕੂਲਾਂ ਰਾਹੀਂ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।
ਇਸ ਸਨਮਾਨ ਸਮਾਰੋਹ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਜਾਰੀ ਰੱਖਣ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।
Read More : ਸੁਰਾਂ ਦੀ ਮਲਿਕਾ ਆਸ਼ਾ ਭੋਸਲੇ ਦਾ ਦਿਹਾਂਤ
