ਕਿਹਾ : ਸੂਬੇ ਨੂੰ ਹੜ੍ਹ ਰਾਹਤ ਪੈਕੇਜ ਨਾ ਦੇਣਾ ਹੜ੍ਹ ਪ੍ਰਭਾਵਿਤ ਪੰਜਾਬੀਆਂ ਨਾਲ ਕੇਂਦਰ ਦਾ ਇਕ ਹੋਰ ‘ਜੁਮਲਾ’
ਡੇਰਾ ਬਾਬਾ ਨਾਨਕ, 26 ਨਵੰਬਰ : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ, ਜਿਨ੍ਹਾਂ ਦੇ ਘਰ ਹਾਲ ਹੀ ’ਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ’ਤੇ ਲੋਕਾਂ ਦਾ ਦੁੱਖ ਸੁਣਿਆ।
ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫਤ ਦੌਰਾਨ ਨਿਰਸਵਾਰਥ ਸੇਵਾ ਲਈ ਕੀਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸੂਬਾ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੋਏ ਫਸਲੀ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਅਦਾਇਗੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਫਸਲੀ ਮੁਆਵਜ਼ਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਘਰਾਂ ਦੇ ਨੁਕਸਾਨ ਲਈ ਇਕ ਵਿਆਪਕ ਪੁਨਰਵਾਸ ਪੈਕੇਜ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ ਲਈ 1.20 ਲੱਖ ਰੁਪਏ ਦਿੱਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਭਰ ’ਚ ਨੁਕਸਾਨੇ ਗਏ ਕਰੀਬ 30,000 ਘਰਾਂ ’ਚੋਂ 8,056 ਘਰ ਇਕੱਲੇ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਭਾਵਿਤ ਪਰਿਵਾਰਾਂ ਨੂੰ 377 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਰਾਸ਼ੀ ਦੋ ਵਾਧੂ ਕਿਸ਼ਤਾਂ ’ਚ ਵੰਡੀ ਜਾ ਰਹੀ ਹੈ ਤਾਂ ਜੋ ਉਸਾਰੀ ਦਾ ਕੰਮ ਸੁਚਾਰੂ ਢੰਗ ਨਾਲ ਅੱਗੇ ਵਧ ਸਕੇ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਨੂੰ ਕਰੀਬ 13,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਆਪਣੀ ਮੰਗ ਦੁਹਰਾਈ ਕਿ ਕੇਂਦਰ ਸਰਕਾਰ ਜਨਤਕ ਤੌਰ ’ਤੇ ਐਲਾਨੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਤੁਰੰਤ ਜਾਰੀ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਵਾਅਦਾ ਕੀਤੀ ਗਈ ਸਹਾਇਤਾ ਰਾਸ਼ੀ ਨੂੰ ਰੋਕਣਾ ਕੇਂਦਰ ਵੱਲੋਂ ਲੋਕਾਂ ਨਾਲ ਕੀਤਾ ਇਕ ਹੋਰ ‘ਜੁਮਲਾ’ ਹੈ।
ਉਨ੍ਹਾਂ ਨੇ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ਦੀ ਕੜੀ ਨਿੰਦਿਆ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਗੁਰਦੀਪ ਸਿੰਘ ਰੰਧਾਵਾ, ਹਲਕਾ ਵਿਧਾਇਕ ਡੇਰਾ ਬਾਬਾ ਨਾਨਕ, ਜਤਿੰਦਰ ਗੌਰਵ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ, ਡਾ. ਮਹਿਤਾਬ ਸਿੰਘ ਐੱਸ. ਐੱਸ. ਪੀ. ਬਟਾਲਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
Read More : ਯੁੱਧ ਨਸ਼ਿਆਂ ਵਿਰੁੱਧ : 81 ਸਮੱਗਲਰ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
