ਸੰਗਰੂਰ, 29 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ’ਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰ ਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ, ਜਿਸ ਕਰ ਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ’ਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਇਹ ਦੂਜਾ ਗੇੜ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਯਾਤਰਾ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ 16 ਹਜ਼ਾਰ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਅਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਹੋਰ ਹਾਜ਼ਰ ਸਨ।
Read More : ਪੈਸਟੀਸਾਈਡ ਦੁਕਾਨਦਾਰ ’ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

