ਵਿਧਾਨ ਸਭਾ ਵੱਲੋਂ ਬਾਜਵਾ ਨੂੰ ਜਨਤਕ ਮੁਆਫ਼ੀ ਮੰਗਣ ਦੀ ਮੰਗ; ਦਲਿਤ ਭਾਈਚਾਰੇ ਦੇ ਅਪਮਾਨ ਦਾ ਲਾਇਆ ਦੋਸ਼
ਚੰਡੀਗੜ੍ਹ, 16 ਮਾਰਚ : ਪੰਜਾਬ ਵਿਧਾਨ ਸਭਾ ਨੇ ਅੱਜ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਕਥਿਤ ਜਾਤੀ-ਅਧਾਰਤ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।
ਇਹ ਮਾਮਲਾ 6 ਫਰਵਰੀ 2026 ਨੂੰ ਜੰਡਿਆਲਾ ਗੁਰੂ ਵਿਖੇ ਹੋਏ ਇੱਕ ਜਨਤਕ ਇਕੱਠ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਪਰਿਵਾਰਕ ਪਿਛੋਕੜ ਅਤੇ ਪੇਸ਼ੇ ਨੂੰ ਲੈ ਕੇ ਅਪਮਾਨਜਨਕ ਸ਼ਬਦ ਵਰਤੇ ਸਨ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀ ਸ਼ਬਦਾਵਲੀ ਨਾ ਸਿਰਫ਼ ਮੰਤਰੀ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਮਿਹਨਤਕਸ਼ ਲੋਕਾਂ ਦਾ ਅਪਮਾਨ ਹੈ।
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕਿਹਾ ਗਿਆ ਕਿ ਜ਼ਿੰਮੇਵਾਰ ਅਹੁਦਿਆਂ ‘ਤੇ ਬੈਠੇ ਆਗੂਆਂ ਨੂੰ ਸਮਾਜਿਕ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ। ਮਤੇ ਰਾਹੀਂ ਮੰਗ ਕੀਤੀ ਗਈ ਕਿ ਪ੍ਰਤਾਪ ਸਿੰਘ ਬਾਜਵਾ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਵਿੱਚ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਤਾਂ ਜੋ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਜਾਤ ਜਾਂ ਪੇਸ਼ੇ ਦੇ ਆਧਾਰ ‘ਤੇ ਕਿਸੇ ਦਾ ਅਪਮਾਨ ਨਾ ਕਰ ਸਕੇ। ਵਿਧਾਨ ਸਭਾ ਨੇ ਇਸ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਹੈ।
Read More : ਮਾਣਹਾਨੀ ਮਾਮਲਾ: ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਵੱਲੋਂ ਸੰਮਨ ਜਾਰੀ
