ਥਾਣਿਆਂ ਦੀ ਰੇਕੀ ਕਰ ਰਹੇ 2 ਵਿਅਕਤੀ ਗ੍ਰਿਫਤਾਰ
ਬਟਾਲਾ, 11 ਨਵੰਬਰ : ਸਮਾਜ ਵਿਰੋਧੀ ਅਨਸਰਾਂ ਵੱਲੋਂ ਥਾਣਿਆਂ ਅਤੇ ਪੁਲਸ ਚੌਕੀਆਂ ’ਤੇ ਗ੍ਰਨੇਡ ਹਮਲਾ ਕਰ ਕੇ ਦਹਿਸ਼ਤ ਫੈਲਾਉਣ ਦੀ ਸਾਜਿਸ਼ ਨੂੰ ਨਾਕਾਮ ਕਰਦੇ ਹੋਏ ਬਟਾਲਾ ਪੁਲਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ ਸੁਹੇਲ ਕਾਸਿਮ ਮੀਰ ਅਤੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ ਪੰਥ ਅਤੇ ਜਸਕੀਰਤ ਸਿੰਘ ਵਾਸੀਆਨ ਪੁਰੀਆਂ ਕਲਾਂ, ਜਿਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ ਅਤੇ ਇਹ ਦੋਵੇਂ ਗੈਂਗਸਟਰ ਮਨੂੰ ਅਗਵਾਨ ਅਤੇ ਮਨਿੰਦਰ ਉਰਫ ਬਿੱਲਾ ਵਾਸੀ ਦਕੋਹਾ, ਜੋ ਇਸ ਸਮੇਂ ਵਿਦੇਸ਼ ਵਿਚ ਹਨ, ਨਾਲ ਗੱਲਬਾਤ ਕਰ ਕੇ ਉਨ੍ਹਾਂ ਕੋਲੋਂ ਗ੍ਰਨੇਡ ਮੰਗਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੇ ਥਾਣਿਆਂ, ਚੌਕੀਆਂ ਅਤੇ ਹੋਰ ਸਰਕਾਰੀ ਇਮਾਰਤਾਂ ’ਤੇ ਗ੍ਰਨੇਡ ਸੁੱਟਣੇ ਹਨ ਅਤੇ ਇਹ ਦੋਵੇਂ ਚੋਰੀ ਦੇ ਮੋਟਰਸਾਈਕਲ ’ਤੇ ਬਟਾਲਾ ’ਚ ਰੇਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਨ੍ਹਾਂ ਵਿਅਕਤੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਨ੍ਹਾਂ ਪਾਸੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਐੱਸ. ਆਈ. ਗਗਨਦੀਪ ਸਿੰਘ, ਏ. ਐੱਸ. ਆਈ. ਸੁਖਰਾਜ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Read More : ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ : ਅਮਨ ਅਰੋੜਾ
