ਹਰ ਹਲਕੇ ਨੂੰ ਮਿਲਣਗੇ 5 ਕਰੋੜ ਹੋਰ; ਪਿੰਡਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ
ਮੋਹਾਲੀ, 17 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੋਹਾਲੀ ਵਿਖੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ, ਜਿਸ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ 8.47 ਕਰੋੜ ਰੁਪਏ ਦੇ 174 ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਬੈਠਕ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਰੇ ਵਿਕਾਸ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਕੰਮ ਪੂਰੇ ਹੁੰਦੇ ਹੀ ਹਰ ਹਲਕੇ ਲਈ 5-5 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 174 ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਨਵੀਂ ਕਿਸ਼ਤ ਵੀ ਪ੍ਰਾਪਤ ਹੋ ਗਈ ਹੈ।
ਇਹਨਾਂ ਵਿਕਾਸ ਕੰਮਾਂ ਵਿੱਚ ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਖੇਤਰ ਦੇ ਪਿੰਡਾਂ ਵਿੱਚ ਕਮਿਊਨਿਟੀ ਸੈਂਟਰ, ਪੰਚਾਇਤ ਘਰ, ਖੇਡ ਮੈਦਾਨ, ਗਲੀਆਂ-ਨਾਲੀਆਂ, ਸਕੂਲ ਦੇ ਕਮਰੇ ਅਤੇ ਸੌਲਰ ਲਾਈਟਾਂ ਵਰਗੇ ਪ੍ਰਾਜੈਕਟ ਸ਼ਾਮਲ ਹਨ। ਖ਼ਾਸ ਤੌਰ ‘ਤੇ ਗਰੀਬ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
ਵਿਕਾਸ ਕਾਰਜਾਂ ਦੇ ਨਾਲ-ਨਾਲ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਵੀ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ 333 ਪਿੰਡਾਂ ਅਤੇ ਵਾਰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਨਸ਼ੇ ਦੇ ਹਾਟਸਪੌਟਸ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ ਮਰੀਜ਼ਾਂ ਦਾ ਨਸ਼ਾ ਛੁਡਾਉ ਕੇਂਦਰਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।
Read More : ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ
