ਨਸ਼ੇ ’ਚ ਗ੍ਰਿਫ਼ਤਾਰ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ, ਦਰਜ ਕੀਤੇ 7 ਪਰਚੇ
ਗੁਰਦਾਸਪੁਰ, 10 ਜੂਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਬਾਰਡਰ ਰੇਂਜ ਗੁਰਦਾਸਪੁਰ ਦੇ ਡੀ. ਆਈ. ਜੀ. ਇੰਦਰਬੀਰ ਸਿੰਘ ਅਤੇ ਐੱਸ. ਐੱਸ. ਪੀ. ਗੁਰਦਾਸਪੁਰ ਅਾਦਿੱਤਿਆ ਵੱਲੋਂ ਗੁਰਦਾਸਪੁਰ ਜ਼ਿਲੇ ਅੰਦਰ ਨਸ਼ਿਆਂ ਲਈ ਬਦਨਾਮ ਵੱਖ-ਵੱਖ ਖੇਤਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ।
ਇਸ ਤਹਿਤ ਗੁਰਦਾਸਪੁਰ ਸਿਟੀ ਥਾਣੇ ਅਧੀਨ ਪੈਂਦੇ ਮੁਹੱਲਾ ਇਸਲਾਮਾਬਾਦ ’ਚ ਉਕਤ ਸੀਨੀਅਰ ਅਧਿਕਾਰੀਆਂ ਅਤੇ ਹੋਰ ਭਾਰੀ ਪੁਲਸ ਫੋਰਸ ਨੇ ਪਹੁੰਚ ਕੇ ਅਚਨਚੇਤ ਜਿੱਥੇ ਚੈਕਿੰਗ ਕੀਤੀ, ਉਸ ਦੇ ਨਾਲ ਹੀ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਪਰਿਵਾਰਾਂ ਅਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ।
ਇਸ ਦੌਰਾਨ ਡੀ. ਆਈ. ਜੀ. ਬਾਰਡਰ ਰੇਂਜ ਇੰਦਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਅੱਜ ਇਸੇ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਜ਼ਿਲੇ ’ਚ ਅਚਨਚੇਤ ਚੈਕਿੰਗ ਵੀ ਕੀਤੀ ਗਈ ਅਤੇ ਨਾਲ ਹੀ ਨਸ਼ੇ ’ਚ ਗ੍ਰਿਫ਼ਤਾਰ ਨੌਜਵਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਵੀ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਿਛਲੇ ਸਮੇਂ ਦੌਰਾਨ ਗੁਰਦਾਸਪੁਰ ਪੁਲਸ ਜ਼ਿਲੇ ਅੰਦਰ ਕਰੀਬ 250 ਪਰਚੇ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚ 4 ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰੀਬ 200 ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਨਸ਼ਾ ਛੁਡਾਇਆ ਗਿਆ ਹੈ। ਇਸ ਮੁਹਿੰਮ ਦੌਰਾਨ ਪੁਲਸ ਵੱਲੋਂ 25 ਤੋਂ 30 ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਐੱਸ. ਐੱਸ. ਪੀ. ਅਾਦਿੱਤਿਆ ਨੇ ਕਿਹਾ ਕਿ ਪੁਲਸ ਨੇ ਪੂਰੀ ਸੰਜੀਦਗੀ ਨਾਲ ਟੀਮ ਵਰਕ ਕਰ ਕੇ ਗੁਰਦਾਸਪੁਰ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਅੱਜ ਵੀ ਪੂਰੀ ਚੈਕਿੰਗ ਕੀਤੀ ਗਈ ਹੈ ਅਤੇ ਵੱਖ-ਵੱਖ ਥਾਵਾਂ ’ਤੇ 7 ਪਰਚੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਸਮੁੱਚੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਜਗ੍ਹਾ ’ਤੇ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਨਸ਼ਾ ਵੇਚਦਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।
Read More : ਵਿਅਕਤੀ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ