24 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ; SGPC ਮੈਂਬਰ ਅਤੇ ਉਨ੍ਹਾਂ ਦੇ ਪਿਤਾ ਵਿਰੁੱਧ ਅਪਮਾਨਜਨਕ ਟਿੱਪਣੀ ਦਾ ਹੈ ਮਾਮਲਾ
ਫਤਿਹਗੜ੍ਹ ਸਾਹਿਬ, 16 ਮਾਰਚ : ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਕਾਨੂੰਨੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਫਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਨੇ ਇੱਕ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹੁਣ ਉਨ੍ਹਾਂ ਨੂੰ 24 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਇਹ ਮਾਮਲਾ ਸਾਲ 2019 ਦਾ ਹੈ। ਦੋਸ਼ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਭਾਈ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਬਾਬਾ ਹਰੀ ਸਿੰਘ ਰੰਧਾਵਾ ਵਿਰੁੱਧ ਜਨਤਕ ਤੌਰ ‘ਤੇ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ, ਜਿਸ ਤੋਂ ਬਾਅਦ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।
ਇਹ ਕੇਸ ਕਾਫ਼ੀ ਸਮੇਂ ਤੋਂ ਹੇਠਲੀ ਅਦਾਲਤ ਵਿੱਚ ਲਟਕ ਰਿਹਾ ਸੀ। ਕੇਸ ਦੀ ਸੁਸਤ ਪੈਰਵੀ ਤੋਂ ਅਸੰਤੁਸ਼ਟ ਹੋ ਕੇ ਸਾਲ 2021 ਵਿੱਚ ਫਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਵਿੱਚ ਇੱਕ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਹੁਣ ਅਹਿਮ ਫੈਸਲਾ ਸੁਣਾਇਆ ਹੈ ਅਤੇ ਹੇਠਲੀ ਅਦਾਲਤ ਨੂੰ ਕਾਰਵਾਈ ਅੱਗੇ ਵਧਾਉਣ ਤੇ ਸਬੰਧਤ ਧਿਰ ਨੂੰ ਤਲਬ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 24 ਮਾਰਚ ਦੀ ਤਾਰੀਕ ਤੈਅ ਕੀਤੀ ਹੈ। ਕਾਨੂੰਨੀ ਮਾਹਿਰਾਂ ਅਨੁਸਾਰ, ਉਸ ਦਿਨ ਦੋਵਾਂ ਧਿਰਾਂ ਦੀ ਪੇਸ਼ੀ ਤੋਂ ਬਾਅਦ ਕੇਸ ਵਿੱਚ ਕੋਈ ਵੱਡਾ ਮੋੜ ਆ ਸਕਦਾ ਹੈ।
Read More : ਸਿਲੰਡਰਾਂ ਦੀ ਘਾਟ ਨੂੰ ਲੈ ਕੇ ‘ਆਪ’ ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ
