manish-sisodiya-arvind-kejriwal

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਵੱਲੋਂ ਕੇਜਰੀਵਾਲ ਅਤੇ ਸਿਸੋਦੀਆ ਸਮੇਤ 23 ਲੋਕ ਬਰੀ

ਕੇਜਰੀਵਾਲ ਨੇ ਕਿਹਾ ਕਿ ਸਾਡੇ ਵਿਰੁੱਧ ਰਚੀ ਗਈ ਸੀ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਰਾਜਨੀਤਿਕ ਸਾਜ਼ਿਸ਼

ਨਵੀਂ ਦਿੱਲੀ, 27 ਫਰਵਰੀ : ਦਿੱਲੀ ਦੀ ਇੱਕ ਅਦਾਲਤ ਨੇ ਸ਼ਰਾਬ ਨੀਤੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ।

ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਂਦਿਆਂ ਕਿਹਾ ਕਿ ਦੋਵਾਂ ਵਿਰੁੱਧ ਲਗਾਏ ਗਏ ਦੋਸ਼ ਬਿਨਾਂ ਕਿਸੇ ਠੋਸ ਸਬੂਤ ਦੇ ਸਾਬਤ ਨਹੀਂ ਕੀਤੇ ਜਾ ਸਕਦੇ। ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਕੁੱਲ 23 ਲੋਕਾਂ ਵਿਰੁੱਧ ਦੋਸ਼ ਪੱਤਰ (ਚਾਰਜਸ਼ੀਟ) ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਸਾਰਿਆਂ ਨੂੰ ਬਰੀ ਕਰ ਦਿੱਤਾ ਹੈ।

ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਾਡੇ ਵਿਰੁੱਧ ਝੂਠੇ ਦੋਸ਼ ਲਗਾਏ ਜਾ ਰਹੇ ਸਨ। ਅੱਜ ਅਦਾਲਤ ਨੇ ਸਾਨੂੰ ਇਨਸਾਫ਼ ਦਿੱਤਾ ਹੈ ਅਤੇ ਸਾਰੇ ਦੋਸ਼ ਖਾਰਜ ਕਰ ਦਿੱਤੇ ਹਨ। ਸਾਨੂੰ ਹਮੇਸ਼ਾ ਭਾਰਤੀ ਨਿਆਂ ਪ੍ਰਣਾਲੀ ‘ਤੇ ਭਰੋਸਾ ਸੀ। ਸੱਚਾਈ ਦੀ ਜਿੱਤ ਹੋਈ ਹੈ।” ਕੇਜਰੀਵਾਲ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ ਉਨ੍ਹਾਂ ਦੇ ਪੰਜ ਪ੍ਰਮੁੱਖ ਨੇਤਾਵਾਂ ਨੂੰ ਜੇਲ੍ਹ ਭੇਜਿਆ ਗਿਆ ਸੀ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਅੱਜ ਇਹ ਸਾਬਤ ਹੋ ਗਿਆ ਹੈ ਕਿ ਉਹ, ਮਨੀਸ਼ ਸਿਸੋਦੀਆ ਅਤੇ ਪੂਰੀ ਆਮ ਆਦਮੀ ਪਾਰਟੀ ਬਿਲਕੁਲ ਇਮਾਨਦਾਰ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਲਈ ਸੰਵਿਧਾਨ ਅਤੇ ਦੇਸ਼ ਨਾਲ ਇਸ ਤਰ੍ਹਾਂ ਨਾ ਖੇਡਿਆ ਜਾਵੇ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਿਰੁੱਧ ਝੂਠੇ ਕੇਸ ਦਰਜ ਕਰਨਾ ਦੇਸ਼ ਨੂੰ ਅੱਗੇ ਨਹੀਂ ਲਿਜਾ ਸਕਦਾ। ਦੇਸ਼ ਤਾਂ ਹੀ ਤਰੱਕੀ ਕਰੇਗਾ ਜੇਕਰ ਮਹਿੰਗਾਈ, ਬੇਰੁਜ਼ਗਾਰੀ ਅਤੇ ਪ੍ਰਦੂਸ਼ਣ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Read More : ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ ਵਿਖੇ ਪਸ਼ੂ ਚਾਰੇ ਦੇ ਵੱਡੇ ਪਲਾਂਟ ਦਾ ਉਦਘਾਟਨ

Leave a Reply

Your email address will not be published. Required fields are marked *