Chief Minister Bhagwant Singh

ਹੜ੍ਹਾਂ ਦੇ ਬਾਵਜੂਦ 175 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਨੂੰ ਤਿਉਹਾਰੀ ਸੀਜ਼ਨ ਦੌਰਾਨ ਖ਼ਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼

ਚੰਡੀਗੜ੍ਹ, 18 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਚੰਡੀਗੜ੍ਹ ’ਚ ਆਪਣੀ ਰਿਹਾਇਸ਼ ਵਿਖੇ ਆਈ. ਏ. ਐੱਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ’ਚ 175 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖ਼ਰੀਦਿਆ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2025-26 ’ਚ ਝੋਨੇ ਦੀ ਖ਼ਰੀਦ ਲਈ 1,822 ਨਿਯਮਤ ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਤੇ ਇਹ ਸਾਰੀਆਂ ਨੋਟੀਫਾਈਡ ਮੰਡੀਆਂ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਅਲਾਟ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਤੱਕ ਸੂਬੇ ਭਰ ਦੀਆਂ ਮੰਡੀਆਂ ’ਚ 38.65 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ 37.20 ਲੱਖ ਮੀਟਰਕ ਟਨ ਝੋਨਾ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਮਾਪਦੰਡ ਦੀ ਪਾਲਣਾ ਕਰਦਿਆਂ ਸੂਬੇ ਵੱਲੋਂ 100 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ। ਖ਼ਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ’ਤੇ ਪੁਖ਼ਤਾ ਪ੍ਰਬੰਧਾਂ ਰਾਹੀਂ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read More : ਹਾਈਕੋਰਟ ਨੇ ਸੁਖਬੀਰ ਬਾਦਲ ਦੀ ਮਾਣਹਾਨੀ ਮਾਮਲੇ ‘ਚ ਪਟੀਸ਼ਨ ਕੀਤੀ ਖਾਰਜ

Leave a Reply

Your email address will not be published. Required fields are marked *