ਸਾਹਨੇਵਾਲ

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ

ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਨਵਾਂ ਸਬ-ਤਹਿਸੀਲ ਕੰਪਲੈਕਸ ਮਨਜ਼ੂਰ : ਹਰਦੀਪ ਮੁੰਡੀਆਂ

ਲੁਧਿਆਣਾ, 25 ਮਾਰਚ : ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 23.99 ਕਰੋੜ ਰੁਪਏ ਦੇ ਦੋ ਵੱਡੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਾਜੈਕਟ ਇਲਾਕੇ ਦੀਆਂ ਸਫ਼ਾਈ ਸਹੂਲਤਾਂ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਲਿਆਉਣਗੇ।

ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਤਹਿਤ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ, 670 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਲਗਾਇਆ ਜਾਵੇਗਾ।

ਮੰਤਰੀ ਮੁੰਡੀਆਂ ਨੇ ਦੱਸਿਆ ਕਿ 9 ਜਨਵਰੀ 2026 ਨੂੰ ਕੀਤੇ ਦੌਰੇ ਦੌਰਾਨ ਇਹ ਪਾਇਆ ਗਿਆ ਸੀ ਕਿ 2001-02 ਵਿੱਚ ਵਿਛਾਇਆ ਸਿਸਟਮ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ, ਜਿਸ ਕਾਰਨ ਪਿੰਡ ਦੀ ਪੰਚਾਇਤ ਅਤੇ ਸ੍ਰੀ ਭੈਣੀ ਸਾਹਿਬ ਸੰਪ੍ਰਦਾਇ ਪ੍ਰਬੰਧਕ ਕਮੇਟੀ ਦੀ ਮੰਗ ‘ਤੇ ਇਹ ਨਵਾਂ ਪ੍ਰਾਜੈਕਟ ਲਿਆਂਦਾ ਗਿਆ ਹੈ।

ਪ੍ਰਸ਼ਾਸਨਿਕ ਢਾਂਚੇ ਨੂੰ ਸੁਖਾਲਾ ਬਣਾਉਣ ਲਈ ਸਾਹਨੇਵਾਲ ਵਿੱਚ 10.64 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਬ-ਤਹਿਸੀਲ ਕੰਪਲੈਕਸ ਉਸਾਰਿਆ ਜਾਵੇਗਾ। ਇਸ ਨਾਲ ਇਲਾਕਾ ਨਿਵਾਸੀਆਂ ਨੂੰ ਮਾਲ ਵਿਭਾਗ ਦੇ ਕੰਮਾਂ ਲਈ ਲੁਧਿਆਣਾ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਕੇਸਾਂ ਦਾ ਨਿਪਟਾਰਾ ਤੇਜ਼ੀ ਨਾਲ ਹੋਵੇਗਾ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਾਜੈਕਟ ਸਾਹਨੇਵਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਗੇ।

Read More : ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦਾ ਆਗਾਜ਼

Leave a Reply

Your email address will not be published. Required fields are marked *