encounter

ਪੁਲਸ ਅਤੇ ਨਸ਼ਾ ਤਸਕਰਾਂ ਵਿਚਕਾਰ ਹੋਇਆ ਸਿੱਧਾ ਮੁਕਾਬਲਾ

ਇਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ, 2 ਫਰਾਰ

ਜਲੰਧਰ, 8 ਅਗਸਤ : ਅੱਜ ਸਵੇਰੇ ਜਲੰਧਰ ਵਿਚ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰੀ ਦੇ ਟਿਕਾਣੇ ‘ਤੇ ਛਾਪਾ ਮਾਰਿਆ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਸਿੱਧਾ ਮੁਕਾਬਲਾ ਹੋਇਆ, ਜਿਸ ਵਿਚ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ।

ਜਾਣਕਾਰੀ ਅਨੁਸਾਰ ਏ. ਐਨ. ਟੀ. ਐਫ. ਟੀਮ ਨੂੰ ਸੂਚਨਾ ਮਿਲੀ ਸੀ ਕਿ ਨਕੋਦਰ ਨੇੜੇ ਪਿੰਡ ਗੋਰਸੀਆ ਵਿਚ ਬਦਨਾਮ ਨਸ਼ਾ ਤਸਕਰ ਸੰਨੀ ਸਿੰਘ ਆਪਣੇ ਸਾਥੀਆਂ ਨਾਲ ਸਰਗਰਮ ਹੈ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮ ਨੇ ਪਿੰਡ ਵਿੱਚ ਛਾਪੇਮਾਰੀ ਦੀ ਯੋਜਨਾ ਬਣਾਈ।

ਜਿਵੇਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਮੁਲਜ਼ਮਾਂ ਨੇ ਅਚਾਨਕ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੰਨੀ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ ਸੰਨੀ ਸਿੰਘ ਦਾ ਸਾਥੀ ਦਵਿੰਦਰ ਸਿੰਘ ਗੋਲੀਆਂ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦਵਿੰਦਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਸ ਦੌਰਾਨ ਮੁੱਖ ਦੋਸ਼ੀ ਸੰਨੀ ਸਿੰਘ ਅਤੇ ਉਸ ਦਾ ਇੱਕ ਹੋਰ ਸਾਥੀ ਮੌਕੇ ਤੋਂ ਭੱਜ ਗਏ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਏਐਨਟੀਐਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਡਰੱਗ ਮਾਫੀਆ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਹਿੱਸੇ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ, ਸੰਨੀ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ। ਪੁਲਿਸ ਦੇ ਇਸ ਦਲੇਰਾਨਾ ਆਪ੍ਰੇਸ਼ਨ ਦੌਰਾਨ ਕੋਈ ਵੀ ਜਵਾਨ ਜ਼ਖ਼ਮੀ ਨਹੀਂ ਹੋਇਆ। ਫ਼ਰਾਰ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ, ਕਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read More : ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧੀਆ

Leave a Reply

Your email address will not be published. Required fields are marked *