DM Suicide case

ਡੀ.ਐੱਮ. ਖ਼ੁਦਕੁਸ਼ੀ ਮਾਮਲਾ : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ’ਤੇ ਅੜਿਆ ਪਰਿਵਾਰ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਤੋਂ ਇਨਕਾਰ; ਪਤਨੀ ਨੇ ਲਾਏ ਧਮਕੀਆਂ ਮਿਲਣ ਦੇ ਗੰਭੀਰ ਦੋਸ਼

ਅੰਮ੍ਰਿਤਸਰ, 22 ਮਾਰਚ : ਵੇਅਰਹਾਊਸ ਦੇ ਜ਼ਿਲਾ ਮੈਨੇਜਰ (ਡੀ.ਐੱਮ.) ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ’ਚ ਸਿਆਸੀ ਗਰਮਾਹਟ ਵਧ ਗਈ ਹੈ। ਪੀੜਤ ਪਰਿਵਾਰ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ’ਤੇ ਅੜ ਗਿਆ ਹੈ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ, ਉਹ ਨਾ ਤਾਂ ਪੋਸਟਮਾਰਟਮ ਹੋਣ ਦੇਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।

ਪੀੜਤ ਉਪਿੰਦਰ ਕੌਰ ਨੇ ਦੁਖੀ ਹਿਰਦੇ ਨਾਲ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਦਹਿਸ਼ਤ ਦਾ ਆਲਮ ਇਹ ਸੀ ਕਿ ਉਨ੍ਹਾਂ ਨੇ ਸੁਰੱਖਿਆ ਦੇ ਲਿਹਾਜ਼ ਨਾਲ ਆਪਣੇ ਬੱਚਿਆਂ ਨੂੰ ਪਹਿਲਾਂ ਹੀ ਨਾਨਕੇ ਭੇਜ ਦਿੱਤਾ ਸੀ ਅਤੇ ਉਹ ਖ਼ੁਦ ਵੀ ਸਕੂਲ ਦੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਆਪਣੇ ਪੇਕੇ ਘਰ ਚਲੀ ਜਾਂਦੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਮਾਨਸਿਕ ਤੌਰ ’ਤੇ ਇੰਨਾ ਪ੍ਰੇਸ਼ਾਨ ਕੀਤਾ ਗਿਆ ਕਿ ਗਗਨਦੀਪ ਸਿੰਘ ਨੂੰ ਅਜਿਹਾ ਖ਼ੌਫ਼ਨਾਕ ਕਦਮ ਚੁੱਕਣਾ ਪਿਆ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਅੱਧੀ ਰਾਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ’ਚ ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀ.ਏ. ਵਿਰੁੱਧ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੇਸ਼ੱਕ ‘ਆਪ’ ਸਰਕਾਰ ਨੇ ਭੁੱਲਰ ਕੋਲੋਂ ਤੁਰੰਤ ਅਸਤੀਫ਼ਾ ਲੈ ਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪਰਿਵਾਰ ਅਤੇ ਵਿਰੋਧੀ ਪਾਰਟੀਆਂ ਦੇ ਸਖ਼ਤ ਰੁਖ਼ ਕਾਰਨ ਪੁਲਸ ਨੂੰ ਐੱਫ.ਆਈ.ਆਰ. ਦਰਜ ਕਰਨੀ ਪਈ।

ਫ਼ਿਲਹਾਲ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਦੇ ਉੱਚ ਅਧਿਕਾਰੀ ਪਰਿਵਾਰ ਨੂੰ ਪੋਸਟਮਾਰਟਮ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਪਰ ਪਰਿਵਾਰਕ ਮੈਂਬਰ ਸਿਰਫ਼ ਇਨਸਾਫ਼ ਅਤੇ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਸਰਕਾਰ ਇਸ ਸੰਵੇਦਨਸ਼ੀਲ ਮੁੱਦੇ ’ਤੇ ਅੱਗੇ ਕੀ ਕਾਰਵਾਈ ਕਰਦੀ ਹੈ।

Read More : ਮੁੱਖ ਮੰਤਰੀ ਮਾਨ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ : ਪ੍ਰਤਾਪ ਬਾਜਵਾ

Leave a Reply

Your email address will not be published. Required fields are marked *