ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਐੱਸ.ਐੱਮ.ਓ. ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਸਿਹਤ ਮੰਤਰੀ ਨੇ ਐੱਸ. ਐੱਮ. ਓ. ਨੂੰ ਜਨਤਕ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਸਿਹਤ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐੱਸ. ਐੱਮ. ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਦੀ ਅਹਿਮ ਭੂਮਿਕਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ।

ਅਧਿਕਾਰੀਆਂ ਨੂੰ ਉਨ੍ਹਾਂ ਦੀ ਪਦਉੱਨਤੀ ਉੱਤੇ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਪ੍ਰਸ਼ਾਸਕੀ, ਪ੍ਰਬੰਧਕੀ ਅਤੇ ਪ੍ਰੋਗਰਾਮ ਲਾਗੂ ਕਰਨ ਦੀ ਸਮਰੱਥਾ ਨੂੰ ਵਧਾਉਣ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪ੍ਰਮੁੱਖ ਸਿਹਤ ਪਹਿਲਕਦਮੀਆਂ ਦੀ ਸਫਲਤਾ ਜ਼ਮੀਨੀ ਪੱਧਰ ‘ਤੇ ਇਨ੍ਹਾਂ ਅਧਿਕਾਰੀਆਂ ਦੀ ਅਗਵਾਈ ਅਤੇ ਵਚਨਬੱਧਤਾ ‘ਤੇ ਨਿਰਭਰ ਕਰਦੀ ਹੈ।

ਸਿਹਤ ਮੰਤਰੀ ਨੇ ਐਸ.ਐਮ.ਓਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਸਮੇਤ ਪ੍ਰਮੁੱਖ ਸਿਹਤ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਐਮ.ਐਮ.ਐਸ.ਵਾਈ. ਤਹਿਤ ਲਾਭਪਾਤਰੀਆਂ ਦੇ 100 ਫ਼ੀਸਦੀ ਨਾਮਾਂਕਣ ਅਤੇ ਸਮੇਂ ਸਿਰ ਕਾਰਡ ਬਣਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਐਸ.ਐਮ.ਓਜ਼ ਸਥਾਨਕ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਲਈ ਫੰਡਾਂ ਦੀ ਵਰਤੋਂ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਡਾਇਗਨੌਸਟਿਕਸ ਸੇਵਾਵਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਐਸ.ਐਮ.ਓਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਨਸ਼ਾ ਛੁਡਾਊ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਓਟ (OOAT) ਕਲੀਨਿਕਾਂ ਦੀ ਸਖ਼ਤ ਨਿਗਰਾਨੀ ਕਰਨ ਦਾ ਕੰਮ ਵੀ ਸੌਂਪਿਆ।

ਮੰਤਰੀ ਨੇ ਮੁਫ਼ਤ ਦਵਾਈਆਂ ਸਬੰਧੀ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਰੂਰੀ ਦਵਾਈਆਂ ਦੀ 100 ਫ਼ੀਸਦੀ ਉਪਲਬਧਤਾ ਦੇ ਨਾਲ-ਨਾਲ ਪਾਰਦਰਸ਼ੀ ਸਟਾਕ ਪ੍ਰਬੰਧਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਹਾਈਪਰਟੈਨਸ਼ਨ, ਸ਼ੂਗਰ ਅਤੇ ਕੈਂਸਰ ਲਈ ਸਕ੍ਰੀਨਿੰਗ ਅਤੇ ‘ਟੀਬੀ ਮੁਕਤ ਅਭਿਆਨ’ ਤਹਿਤ 100-ਦਿਨਾਂ ਮੁਹਿੰਮ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਵੀ ਸੌਂਪੀ।

ਆਪਣੇ ਡਾਕਟਰੀ ਸਫ਼ਰ ਦਾ ਇੱਕ ਕਿੱਸਾ ਸਾਂਝਾ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕਿਵੇਂ ਪਿੰਡ ਕੌਲੀ (ਪਟਿਆਲਾ) ਵਿਖੇ ਉਨ੍ਹਾਂ ਦੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਨੇ ਉਨ੍ਹਾਂ ਦੀ ਬਦਲੀ ਰੁਕਵਾਉਣ ਲਈ ਸਰਕਾਰ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਡਾਕਟਰਾਂ ਨੂੰ ਨੈਤਿਕਤਾ, ਖੁਸ਼ ਮਿਜ਼ਾਜ਼ੀ ਅਤੇ ਹਮਦਰਦੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦਿਆਂ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਸਿਰਜਣ ਦਾ ਸੱਦਾ ਦਿੱਤਾ।

ਇਸ ਮੌਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ ਨੇ ਵੀ ਨਵੇਂ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਪ੍ਰੋਗਰਾਮ ਅਫਸਰ (ਸਿਖਲਾਈ) ਡਾ. ਪਰਵਿੰਦਰ ਕੌਰ ਅਤੇ ਹੋਰ ਸਟੇਟ ਪ੍ਰੋਗਰਾਮ ਅਫਸਰ ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਸਫਲਤਾਪੂਰਵਕ ਲਾਗੂਕਰਨ ਬਾਰੇ ਵਿਸਥਾਰ ਨਾਲ ਸਿਖਲਾਈ ਦੇਣਗੇ।

Read More : ਅਕਾਲੀ-ਕਾਂਗਰਸ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ : ਭਗਵੰਤ ਮਾਨ

Leave a Reply

Your email address will not be published. Required fields are marked *