ਪਾਕਿਸਤਾਨ ਤੋਂ ਮੰਗਵਾਈ ਸੀ 1.13 ਕਿਲੋ ਹੈਰੋਇਨ
ਫਿਰੋਜ਼ਪੁਰ, 22 ਜੁਲਾਈ : ਐਂਟੀ ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਨੇ ਇਕ ਨਸ਼ਾ ਸਮੱਗਲਰ ਨੂੰ ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਰੁਪਏ ਦੀ ਅੰਤਰਰਾਸ਼ਟਰੀ ਮੁੱਲ ਦੀ 1 ਕਿਲੋ 13 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਸਮੇਤ ਗ੍ਰਿਫਤਾਰ ਕੀਤਾ ਹੈ।
ਏ. ਆਈ. ਜੀ. ਸੋਹਨ ਲਾਲ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਟਾਸਕ ਫੋਰਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਕੰਮ ਕਰਦੇ ਹੋਏ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਗੁਪਤ ਸੂਚਨਾ ਮਿਲੀ ਕਿ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਜਖਰਾਵਾਂ, ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਹੈ ਅਤੇ ਅੱਗੇ ਸਪਲਾਈ ਕਰਦਾ ਹੈ।
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ. ਐੱਸ. ਪੀ. ਜਸਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਟਾਸਕ ਫੋਰਸ ਫਿਰੋਜ਼ਪੁਰ ਦੀ ਟੀਮ ਨੇ ਨਾਮਜ਼ਦ ਸਮੱਗਲਰ ਨੂੰ ਗ੍ਰਿਫਤਾਰ ਕੀਤਾ, ਜਿਸ ਤੋਂ 1 ਕਿਲੋ 13 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਨਸ਼ਾ ਸਮੱਗਲਰ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਦੇ ਨਾਲ ਕੁਝ ਹੋਰ ਲੋਕ ਹੈਰੋਇਨ ਮੰਗਵਾਉਣ ਅਤੇ ਵੇਚਣ ਦੇ ਧੰਦੇ ’ਚ ਸ਼ਾਮਲ ਹਨ।
ਸੋਨੀ ਨੇ ਕਿਹਾ ਕਿ ਪੁਲਸ ਮੁਲਜ਼ਮ ਦੇ ਸਾਥੀ ਸਮੱਗਲਰਾਂ ਦਾ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲੈਣ ਤੋਂ ਬਾਅਦ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਇਸ ਮੌਕੇ ਡੀ. ਐੱਸ. ਪੀ. ਜਸਬੀਰ ਸਿੰਘ ਪੰਨੂ ਵੀ ਮੌਜੂਦ ਸਨ। ਅੰਤਰਰਾਸ਼ਟਰੀ ਬਾਜ਼ਾਰ ’ਚ ਜ਼ਬਤ ਕੀਤੀ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
Read More : ਬਦਮਾਸ਼ ਨੇ ਪੁਲਿਸ ’ਤੇ ਚਲਾਈਆਂ ਗੋਲੀਆਂ