ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤਬੰਰ ਨੂੰ : ਕਾਲਕਾ, ਕਾਹਲੋਂ, ਕਰਮਸਰ
ਦਿੱਲੀ, 24 ਅਗਸਤ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਅਾ। ਇਸ ਮੌਕੇ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਇਨ੍ਹਾਂ ਸਮਾਗਮਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਅਰਜਨ ਦੇਵ ਜੀ ਨੇ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਇਆ ਤੇ ਫਿਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ।
ਉਨ੍ਹਾਂ ਕਿਹਾ ਕਿ ਗੁਰੂ ਦੇ ਲੜ ਲੱਗ ਕੇ ਹੀ ਅੱਜ ਸਮੁੱਚੀ ਕੌਮ ਤਰੱਕੀ ਕਰ ਰਹੀ ਹੈ ਤੇ ਸਾਰੀ ਦੁਨੀਆ ਵਿਚ ਸਿੱਖ ਆਪਣੀਆਂ ਪ੍ਰਾਪਤੀਆਂ ਦੇ ਲੋਹੇ ਮੰਨਵਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਸਤਾਬਦੀ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤੰਬਰ ਨੂੰ ਦਿੱਲੀ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨੇ ਵਿਚ ਸੈਮੀਨਾਰ ਤੇ ਹੋਰ ਪ੍ਰੋਗਰਾਮ ਹੋਣਗੇ ਅਤੇ ਨਵੰਬਰ ਮਹੀਨੇ ਵਿਚ 13 ਨਵੰਬਰ ਤੋਂ ਲੈ ਕੇ 26 ਨਵੰਬਰ ਤੱਕ ਲਗਾਤਾਰ ਸਮਾਗਮ ਹੋਣਗੇ ਜਿਨ੍ਹਾਂ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮਨਾਏ ਜਾਣਗੇ।
Read More : ਕਰੰਟ ਲੱਗਣ ਨਾਲ 8 ਸਾਲਾ ਬੱਚੀ ਦੀ ਮੌਤ