ਡਾ. ਮਨਮੋਹਨ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੀਆਂ ਏ. ਆਈ. ਨਾਲ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਦਿੱਲੀ, 17 ਅਗਸਤ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਨਾਲ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੀ ਸ਼ਿਕਾਇਤ ਦਿੱਲੀ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਕਰ ਕੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਿਨਾਂ ਦਸਤਾਰ ਤੋਂ ਤਸਵੀਰ ਬਣਾ ਕੇ ਵਾਇਰਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਤਸਵੀਰ ਵਾਇਰਲ ਕਰ ਕੇ ਦਾਅਵਾ ਕੀਤਾ ਗਿਆ ਕਿ ਉਥੇ ਬਹੁਤ ਪਾਣੀ ਆ ਗਿਆ ਤੇ ਇਮਾਰਤ ਡਿੱਗ ਗਈ ਹੈ।
ਉਨ੍ਹਾਂ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਦੇਸ਼ ਵਿਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਸਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲੈ ਕੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਜਿਹੀਆਂ ਮਨਘੜਤ, ਭੜਕਾਊ ਤੇ ਗੁੰਮਰਾਹਕੁੰਨ ਤਸਵੀਰਾਂ ਤੇ ਵੀਡੀਓ ਵਾਇਰਲ ਕਰਨ ਵਾਲੇ ਲੋਕਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Read More : ਮੀਂਹ ਦਾ ਕਹਿਰ, ਰੇਲ ਸੇਵਾਵਾਂ ਮੁਅੱਤਲ