ਪੰਜਾਬ ਵਿੱਚ 10,021 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
ਚੰਡੀਗੜ੍ਹ, 19 ਫਰਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਰਲ ਗਰੁੱਪ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਦੇ ਵੱਡੇ ਵਿੱਤੀ ਘਪਲੇ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਈਡੀ ਦੇ ਦਿੱਲੀ ਜ਼ੋਨਲ ਦਫ਼ਤਰ-II ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ 247 ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ ‘ਤੇ ਜ਼ਬਤ ਕਰ ਲਿਆ ਹੈ, ਜਿਨ੍ਹਾਂ ਦੀ ਕੁੱਲ ਕੀਮਤ 10,021.46 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਈਡੀ ਵੱਲੋਂ ਜਾਰੀ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਸਿੰਗਲ ਅਟੈਚਮੈਂਟ ਆਰਡਰ ਹੈ। ਜ਼ਬਤ ਕੀਤੀਆਂ ਗਈਆਂ ਇਹ ਜਾਇਦਾਦਾਂ ਮੁੱਖ ਤੌਰ ‘ਤੇ ਪੰਜਾਬ ਦੇ ਮੋਹਾਲੀ, ਰੂਪਨਗਰ ਅਤੇ ਜ਼ੀਰਕਪੁਰ ਖੇਤਰਾਂ ਵਿੱਚ ਸਥਿਤ ਹਨ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਜਾਇਦਾਦਾਂ ਭੋਲੇ-ਭਾਲੇ ਨਿਵੇਸ਼ਕਾਂ ਤੋਂ ਇਕੱਠੇ ਕੀਤੇ ਗਏ ਫੰਡਾਂ ਦੀ ਵਰਤੋਂ ਕਰਕੇ ਖਰੀਦੀਆਂ ਗਈਆਂ ਸਨ, ਜਿਸ ਕਾਰਨ ਕਾਨੂੰਨੀ ਤੌਰ ‘ਤੇ ਇਨ੍ਹਾਂ ਨੂੰ ‘ਅਪਰਾਧ ਦੀ ਕਮਾਈ’ ਮੰਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਜਾਂਚ CBI ਵੱਲੋਂ 19 ਫਰਵਰੀ 2014 ਨੂੰ ਸਰਵਉੱਚ ਅਦਾਲਤ ਦੇ ਹੁਕਮਾਂ ‘ਤੇ ਦਰਜ ਕੀਤੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਜਾ ਰਹੀ ਹੈ। ਪੀਏਸੀਐਲ ਅਤੇ ਸਬੰਧਿਤ ਅਦਾਰਿਆਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਗੈਰ-ਕਾਨੂੰਨੀ ਨਿਵੇਸ਼ ਸਕੀਮਾਂ ਰਾਹੀਂ ਦੇਸ਼ ਭਰ ਦੇ ਲੱਖਾਂ ਨਿਵੇਸ਼ਕਾਂ ਤੋਂ 48,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕਰਕੇ ਵੱਡੀ ਧੋਖਾਧੜੀ ਕੀਤੀ ਸੀ।
Read More : ਪਟਿਆਲਾ ਦੇ ਬਾਰਾਂਦਰੀ ਬਾਗ ‘ਚ ਸਾਲਾਨਾ ਫੁੱਲ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਦੀ ਧੂਮ
