3200 ਤੋਂ ਵੱਧ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ
ਚੰਡੀਗੜ੍ਹ, 16 ਦਸੰਬਰ : ਫ਼ਤਹਿਗੜ੍ਹ ਸਾਹਿਬ ’ਚ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਸੰਗਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ਼-ਸਫ਼ਾਈ, ਸੁਰੱਖਿਆ ਪ੍ਰਬੰਧ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਿਹਤ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। 20 ਆਮ ਆਦਮੀ ਕਲੀਨਿਕ ਤੇ 5 ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ, ਜਿੱਥੇ ਮਾਹਿਰ ਡਾਕਟਰ ਤੇ ਬਾਕੀ ਸਟਾਫ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੇ ਡਿਸਪੈਂਸਰੀਆਂ ਲਈ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦਾ ਪ੍ਰਬੰਧ ਕਰ ਲਿਆ ਹੈ।
ਪੰਜਾਬ ਸਰਕਾਰ ਵੱਲੋਂ ਸ਼ਹਿਰ ’ਚ ਸੰਗਤ ਦੇ ਆਉਣ-ਜਾਣ ਲਈ ਮੁਫ਼ਤ ਸਫਰ ਦੀ ਸਹੂਲਤ ਦੇਣ ਲਈ ‘ਇੰਟਰ ਸਿਟੀ ਸ਼ਟਲ ਬੱਸ ਸੇਵਾ’ ਸ਼ੁਰੂ ਕੀਤੀ ਜਾਵੇਗੀ ਤੇ ਸ਼ਹੀਦੀ ਸਭਾ ਦੌਰਾਨ 200 ਸ਼ਟਲ ਬੱਸਾਂ ਤੇ 100 ਈ-ਰਿਕਸ਼ੇ ਸੰਗਤ ਲਈ ਤਾਇਨਾਤ ਹੋਣਗੇ। ਇਹ ਬੱਸਾਂ ਤੇ ਈ-ਰਿਕਸ਼ੇ ਬਾਹਰੋਂ ਆਉਣ ਵਾਲੀ ਸੰਗਤ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸਾਹਿਬ ਅਤੇ ਹੋਰ ਥਾਵਾਂ ’ਤੇ ਲਿਜਾਣਗੇ।
ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਇਸ ਵਾਰ ਗੂਗਲ ਕੰਪਨੀ ਦੀਆਂ ਸੇਵਾਵਾਂ ਵੀ ਹਾਸਲ ਕੀਤੀਆਂ ਜਾ ਰਹੀਆਂ ਹਨ, ਜੋ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ’ਤੇ ਟ੍ਰੈਫਿਕ ਦੀ ਸਥਿਤੀ ਬਾਰੇ ਸਟੀਕ ਜਾਣਕਾਰੀ ਦੇਵੇਗੀ ਤਾਂ ਕਿ ਕਿਸੇ ਸੜਕ ’ਤੇ ਵੱਧ ਟ੍ਰੈਫਿਕ ਹੋਣ ਦੀ ਸੂਰਤ ’ਚ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਵਾਹਨਾਂ ਦੇ ਰੁਕਣ ਲਈ ਪੰਜ ਵੱਡੀਆਂ ਪਾਰਕਿੰਗ ਤੇ 16 ਛੋਟੀਆਂ ਪਾਰਕਿੰਗ ਬਣਾਈਆਂ ਗਈਆਂ ਹਨ।
3300 ਤੋਂ ਵੱਧ ਪੁਲਸ ਜਵਾਨ ਸੰਗਤਾਂ ਦੀ ਸਹਾਇਤਾ ਲਈ ਡਿਊਟੀ ’ਤੇ ਤਾਇਨਾਤ ਰਹਿਣਗੇ। ਪੁਲਸ ਇੰਟੇਗ੍ਰੇਟਿਡ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ, ਜਿੱਥੇ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 0176-3232838 ਵੀ ਜਾਰੀ ਕੀਤਾ ਗਿਆ ਹੈ।
ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ 300 ਸੀ.ਸੀ.ਟੀ.ਵੀ. ਕੈਮਰੇ ਲਾਏ ਜਾ ਰਹੇ ਹਨ ਤਾਂ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਪੂਰੇ ਸ਼ਹਿਰ ’ਤੇ ਡਰੋਨ ਬਾਜ਼ ਅੱਖ ਰੱਖਣਗੇ। ਮੋਬਾਈਲ ਸੇਵਾਵਾਂ ਨੂੰ ਸੁਚਾਰੂ ਜਾਰੀ ਰੱਖਣ ਲਈ ਮੋਬਾਈਲ ਕੰਪਨੀਆਂ ਵੱਲੋਂ ਆਰਜ਼ੀ ਤੌਰ ’ਤੇ ਟਾਵਰ ਸਥਾਪਤ ਕੀਤੇ ਜਾ ਰਹੇ ਹਨ। 60 ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਗੱਡੀਆਂ ਤਾਇਨਾਤ ਹੋਣਗੀਆਂ।
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਦੌਰਾਨ ਖ਼ੂਨਦਾਨ ਕੈਂਪ ਵੀ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੰਗਤ ਦੀ ਸਹੂਲਤ ਲਈ ਕਿਸੇ ਵੀ ਤਰ੍ਹਾਂ ਦੀ ਮੰਗ ਕੀਤੀ ਜਾਂਦੀ ਹੈ ਤਾਂ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦੇਵੇਗੀ।
Read More : ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੀ ਮੁੱਖ ਅਧਿਆਪਕਾ ਸਸਪੈਂਡ
