Chief Minister Mann

28 ਨੂੰ 100 ਨਵੇਂ ਮੁਹੱਲਾ ਕਲੀਨਿਕ ਹੋਣਗੇ ਸ਼ੁਰੂ : ਮੁੱਖ ਮੰਤਰੀ ਮਾਨ

ਪੰਜਾਬ ਦੇ ਹਰ ਪਰਿਵਾਰ ਨੂੰ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ; ਹੁਸ਼ਿਆਰਪੁਰ, ਕਪੂਰਥਲਾ ਤੇ ਮਲੇਰਕੋਟਲਾ ਲਈ ਸਿਹਤ ਪ੍ਰੋਜੈਕਟਾਂ ਨੂੰ ਹਰੀ ਝੰਡੀ

ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਵਿਭਾਗ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਜਲਦੀ ਹੀ ਕੰਮ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ, ਮਲੇਰਕੋਟਲਾ ਵਿੱਚ ਕਮਿਊਨਿਟੀ ਮੈਡੀਕਲ ਸੈਂਟਰ ਲਈ ਜ਼ਮੀਨ ਪ੍ਰਾਪਤ ਕਰਨ ਦੀ ਪ੍ਰਕਿਰਿਆ ਅੰਤਿਮ ਪੜਾਅ ‘ਤੇ ਹੈ, ਜਿਸ ਦਾ ਤੋਹਫ਼ਾ ਉਹ ਕੱਲ੍ਹ ਈਦ ਦੇ ਮੌਕੇ ‘ਤੇ ਮਲੇਰਕੋਟਲਾ ਵਾਸੀਆਂ ਨੂੰ ਦੇਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਦਿਆਂ 28 ਮਾਰਚ ਨੂੰ 100 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਮੌਜੂਦਾ ਸਮੇਂ 883 ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ 400 ਹੋਰ ਨਵੇਂ ਕਲੀਨਿਕ ਬਣਾਏ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 1,400 ਹੋ ਜਾਵੇਗੀ।

ਉਨ੍ਹਾਂ ਦਾਅਵਾ ਕੀਤਾ ਕਿ 94% ਮਰੀਜ਼ ਇਨ੍ਹਾਂ ਸੇਵਾਵਾਂ ਤੋਂ ਸੰਤੁਸ਼ਟ ਹਨ ਅਤੇ ਹੁਣ ਤੱਕ 5 ਕਰੋੜ ਤੋਂ ਵੱਧ ਓਪੀਡੀ ਦਰਜ ਕੀਤੀ ਗਈ ਹੈ। ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਫੰਡ ਜਾਰੀ ਕੀਤੇ ਗਏ ਹਨ ਅਤੇ ਦਵਾਈਆਂ ਦੀ ਘਾਟ ਹੋਣ ‘ਤੇ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਸਿਹਤ ਦੇ ਨਾਲ-ਨਾਲ ਮੁੱਖ ਮੰਤਰੀ ਨੇ ਪਾਣੀ ਦੇ ਮੁੱਦੇ ‘ਤੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖੁਦ ਨੂੰ ਪਾਣੀ ਦੇ ਰੱਖਿਅਕ ਅਖਵਾਉਂਦੇ ਹਨ, ਉਨ੍ਹਾਂ ਨੇ ਆਪਣੇ ਸਮੇਂ ਦੌਰਾਨ ਕੋਈ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਰਾਜਸਥਾਨ ਵੱਲੋਂ 1920 ਤੋਂ ਲਾਗੂ ਪ੍ਰਣਾਲੀ ਦੇ ਬਾਵਜੂਦ 1960 ਤੋਂ ਪਾਣੀ ਦੀ ਰਾਇਲਟੀ (1.44 ਕਰੋੜ ਰੁਪਏ) ਨਾ ਦਿੱਤੇ ਜਾਣ ਦਾ ਮੁੱਦਾ ਚੁੱਕਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਰਾਜਸਥਾਨ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾਵੇਗਾ।

Read More : ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ 70 ਸਾਲ ਪੰਜਾਬ ਦੇ ਹੱਕਾਂ ਨੂੰ ਗਿਰਵੀ ਰੱਖਿਆ : ਬਲਤੇਜ ਪੰਨੂ

Leave a Reply

Your email address will not be published. Required fields are marked *