‘ਸ਼ਾਨਦਾਰ ਚਾਰ ਸਾਲ’ ਦਾ ਰਿਪੋਰਟ ਕਾਰਡ: 95,000 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ ਅਤੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਜਾਰੀ
ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ਆਪਣੀ ਸਰਕਾਰ ਦਾ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਦਾ ਵਧਣਾ ਸੂਬੇ ਦੀ ਬਿਹਤਰ ਕਾਨੂੰਨ ਵਿਵਸਥਾ ਅਤੇ ਪਾਰਦਰਸ਼ੀ ਸ਼ਾਸਨ ‘ਤੇ ਮੋਹਰ ਲਾਉਂਦਾ ਹੈ।
ਉਨ੍ਹਾਂ ਅਕਾਲੀ ਲੀਡਰਸ਼ਿਪ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਨੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ, ਉਹ ਹੁਣ ਪੰਜਾਬ ਬਚਾਉਣ ਦਾ ਦਿਖਾਵਾ ਨਹੀਂ ਕਰ ਸਕਦੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ 95,881 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਸਕਰਾਂ ਦੀ 772 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ 1,105 ਗੈਂਗਾਂ ਨੂੰ ਬੇਅਸਰ ਕਰਕੇ 2,858 ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ।
ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ ਨੇ ਕੇਂਦਰ ਦੀ ਮਦਦ ਤੋਂ ਬਿਨਾਂ ਆਪਣੇ ਸਰੋਤਾਂ ਨਾਲ ‘ਐਂਟੀ-ਡਰੋਨ ਸਿਸਟਮ’ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ।
ਪੁਲਿਸ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ 12,197 ਨਿਯਮਤ ਭਰਤੀਆਂ ਕੀਤੀਆਂ ਗਈਆਂ ਹਨ ਅਤੇ ਆਧੁਨਿਕੀਕਰਨ ਲਈ 2,904 ਨਵੇਂ ਵਾਹਨ ਖਰੀਦੇ ਗਏ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ‘ਸੜਕ ਸੁਰੱਖਿਆ ਫੋਰਸ’ (SSF) ਦੀ ਸ਼ਲਾਘਾ ਕੀਤੀ, ਜਿਸ ਕਾਰਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਵੱਡੀ ਗਿਰਾਵਟ ਆਈ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਦੇਸ਼ ਦੇ ਸਭ ਤੋਂ ਸੁਰੱਖਿਅਤ ਸੂਬਿਆਂ ਵਿੱਚੋਂ ਇੱਕ ਹੈ, ਜਿਸ ਕਾਰਨ ਵਿਸ਼ਵ ਪੱਧਰੀ ਕੰਪਨੀਆਂ ਇੱਥੇ ਹਜ਼ਾਰਾਂ ਕਰੋੜ ਦਾ ਨਿਵੇਸ਼ ਕਰ ਰਹੀਆਂ ਹਨ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Read More : ਗੈਂਗਸਟਰਾਂ ਵਿਰੁੱਧ ਜੰਗ ਦਾ 60ਵਾਂ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਵਿਚ 675 ਥਾਵਾਂ ‘ਤੇ ਕੀਤੀ ਛਾਪੇਮਾਰੀ
