DC SANGRUR

ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਦਿੱਕਤ : ਰਾਹੁਲ ਚਾਬਾ

ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀਆਂ ਹਦਾਇਤਾਂ

ਸੰਗਰੂਰ, 10 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ਵਿਚ ਸ਼ਾਮਲ ਹੋਣ ਉਪਰੰਤ ਕੀਤਾ।

ਡੀ.ਸੀ. ਚਾਬਾ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਖਾਸ ਕਰ ਕੇ ਖਰੀਦੀ ਫਸਲ ਦੀ ਲਿਫਟਿੰਗ ਨਾਲੋ-ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਫ਼ਸਲ ਤੈਅ ਸਮੇਂ ਵਿਚ ਖਰੀਦੀ ਜਾਵੇ ਤੇ ਨਾਲ-ਨਾਲ ਫ਼ਸਲ ਦੀ ਅਦਾਇਗੀ ਹੁੰਦੀ ਰਹੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੋਂ ਵੱਖ-ਵੱਖ ਮੰਡੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ।

ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਵਿਚ ਨਮੀ 17 ਫ਼ੀਸਦ ਤੋਂ ਵਧੇਰੇ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਰੀਦ ਕਰਨ ਵਿੱਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ। ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।

ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ।

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ

ਸ਼੍ਰੀ ਚਾਬਾ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 06:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਵੀ ਲਗਾਈ ਹੈ। ਇਸ ਸਬੰਧੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Read More : ਪਤੀ-ਪਤਨੀ ਦੇ ਅਟੁੱਟ ਬੰਧਨ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ ‘ਕਰਵਾਚੌਥ’

Leave a Reply

Your email address will not be published. Required fields are marked *