ਘਸੀਟਪੁਰਾ

ਕਿਸਾਨਾਂ ਵੱਲੋਂ ਘਸੀਟਪੁਰਾ ਵਿਖੇ ਰੇਲਵੇ ਟਰੈਕ ਜਾਮ

ਅੰਮ੍ਰਿਤਸਰ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੇ ਵਿਰੋਧ ’ਚ ਦਿੱਤਾ ਧਰਨਾ

ਬਟਾਲਾ, 24 ਮਾਰਚ : ਕਿਸਾਨ ਮਜ਼ਦੂਰ ਮੋਰਚੇ ਵੱਲੋਂ ਅੰਮ੍ਰਿਤਸਰ ਦੇ ਪਿੰਡ ਮਾਹਲਾਂ ਨੇੜੇ ਚੱਲ ਰਹੇ ਧਰਨੇ ’ਤੇ ਅੱਜ ਤੜਕਸਾਰ ਪੁਲਸ ਵੱਲੋਂ ਕੀਤੇ ਲਾਠੀਚਾਰਜ ਅਤੇ ਕਿਸਾਨ ਆਗੂਆਂ ਦੀ ਹਿਰਾਸਤ ਦੇ ਵਿਰੋਧ ’ਚ ਤਿੱਖਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਘਟਨਾ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪਿੰਡ ਘਸੀਟਪੁਰਾ ਵਿਖੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵਿਰੁੱਧ ਧਰਨਾ ਦਿੱਤਾ।

ਸੂਬਾ ਆਗੂਆਂ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਸਾਣੀਆਂ ਅਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ’ਤੇ ਅਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਮਾਹਲਾਂ ’ਚ 70 ਦੇ ਕਰੀਬ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈਣਾ ਮੰਦਭਾਗੀ ਗੱਲ ਹੈ।

ਕਿਸਾਨਾਂ ਨੇ ਮੰਗ ਕੀਤੀ ਕਿ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਇਆ ਜਾਵੇ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਹੋਵੇ, ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਬਿਜਲੀ ਸੋਧ ਬਿੱਲ 2025 ਸਮੇਤ ਹੋਰ ਮਾਰੂ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਹਿਰਾਸਤ ’ਚ ਲਏ ਆਗੂ ਰਿਹਾਅ ਨਹੀਂ ਹੁੰਦੇ, ਧਰਨਾ ਜਾਰੀ ਰਹੇਗਾ।

ਦੂਜੇ ਪਾਸੇ, ਰੇਲਵੇ ਟਰੈਕ ਜਾਮ ਹੋਣ ਦੀ ਸੂਚਨਾ ਮਿਲਦਿਆਂ ਹੀ ਐਸ.ਪੀ. ਖੁਸ਼ਬੀਰ ਕੌਰ ਅਤੇ ਡੀ.ਐਸ.ਪੀ. ਰਾਜੇਸ਼ ਕੱਕੜ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਈਆਂ ਜਾਣਗੀਆਂ, ਪਰ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਰਹੇ। ਖ਼ਬਰ ਲਿਖੇ ਜਾਣ ਤੱਕ ਰੇਲਵੇ ਟਰੈਕ ’ਤੇ ਧਰਨਾ ਨਿਰੰਤਰ ਜਾਰੀ ਸੀ।

Read More : ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : ਭਗਵੰਤ ਮਾਨ

Leave a Reply

Your email address will not be published. Required fields are marked *