ਚੰਡੀਗੜ੍ਹ , 28 ਅਕਤੂਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਸਟੂਡੈਂਟਸ ਯੂਨੀਅਨ ਲੁਧਿਆਣਾ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਡੇਅਰੀ ਵਿਕਾਸ ਤੇ ਮੱਛੀ ਪਾਲਣ ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ ਸ਼ੌਕਤ ਅਹਿਮਦ ਪਰੇ ਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ’ਚ ਵਿਚਾਰ ਚਰਚਾ ਕੀਤੀ।
ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ ਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮੁਸਕਾਨ ਠਾਕੁਰ ਨੇ ਵਿੱਤ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਯੂਨੀਅਨ ਵੱਲੋਂ ਪੇਸ਼ ਮੰਗਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਅੰਦਰ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਪਹਿਲਾਂ ਹੀ ਕਾਰਵਾਈ ਚੱਲ ਰਹੀ ਹੈ ਅਤੇ ਜਲਦੀ ਹੀ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
Read More : ਛੱਤਬੀੜ ਚਿੜੀਆਘਰ ‘ਚ ਇਲੈਕਟ੍ਰਾਨਿਕ ਵਾਹਨਾਂ ਨੂੰ ਲੱਗੀ ਅੱਗ
