ਪਿੰਡ ਖੋਖਰ ਕਲਾਂ

ਵਿੱਤ ਮੰਤਰੀ ਚੀਮਾ ਵੱਲੋਂ ਪਿੰਡ ਖੋਖਰ ਕਲਾਂ ਨੂੰ ਵੱਡੀ ਸੌਗਾਤ, ਕਰੋੜਾਂ ਦੀ ਲਾਗਤ ਵਾਲਾ ਵਾਟਰ ਵਰਕਸ ਲੋਕ ਅਰਪਿਤ

ਪਿੰਡ ਦੇ 600 ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ, ਵਿਕਾਸ ਕਾਰਜਾਂ ’ਚ ਕੋਈ ਕਮੀ ਨਹੀਂ ਛੱਡੀ ਜਾਵੇਗੀ : ਹਰਪਾਲ ਚੀਮਾ

ਦਿੜ੍ਹਬਾ, 15 ਅਪ੍ਰੈਲ: ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਵਾਟਰ ਵਰਕਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਇਕ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਪਿੰਡ ਦੇ ਕਰੀਬ 600 ਘਰਾਂ ਲਈ ਵਰਦਾਨ ਸਾਬਤ ਹੋਵੇਗਾ, ਜਿਸ ਨਾਲ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਪਲਾਈ ਮਿਲੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਣ ਨਾਲ ਲੋਕਾਂ ਦੀ ਸਿਹਤ ’ਤੇ ਵੀ ਸੁਖਾਵਾਂ ਅਸਰ ਪਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸੜਕਾਂ, ਸਿਹਤ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਹਲਕਾ ਦਿੜ੍ਹਬਾ ’ਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ’ਚ ਕਈ ਹੋਰ ਵੱਡੇ ਪ੍ਰੋਜੈਕਟ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਉਨ੍ਹਾਂ ਮੌਕੇ ’ਤੇ ਮੌਜੂਦ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦੀ ਸਹੀ ਸਾਂਭ-ਸੰਭਾਲ ਅਤੇ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਕਸੀਅਨ ਸੰਗਰੂਰ, ਐੱਸ.ਡੀ.ਈ., ਜੇ.ਈ., ਪਿੰਡ ਦੀ ਪੰਚਾਇਤ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ’ਚ ਹਾਜ਼ਰ ਸਨ।

Read More : ਲਹਿਰਾਗਾਗਾ ਦੇ ਕਮਿਊਨਿਟੀ ਹੈਲਥ ਸੈਂਟਰ ’ਚ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

Leave a Reply

Your email address will not be published. Required fields are marked *