ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜ਼ਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ
ਚੰਡੀਗੜ੍ਹ, 31 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ।
ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ।
ਇਸ ਦੌਰਾਨ ਕਰੀਬ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਹੱਲ ਲੱਭਣ ਲਈ ਉਪਰਾਲੇ ਕੀਤੇ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ‘ਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਤਨਖਾਹ ਅਤੇ ਸੀਨੀਆਰਤਾ ‘ਚ ਬੇਨਿਯਮੀਆਂ ਨਾਲ ਸਬੰਧਤ ਮੁੱਦੇ ਸਮਰਪਿਤ ਅਨੋਮਲੀ ਕਮੇਟੀ ਕੋਲ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਹੋਰ ਸੇਵਾ-ਸਬੰਧਤ ਮਾਮਲਿਆਂ ਨੂੰ ਛੇਤੀ ਹੱਲ ਕਰਨ ਲਈ ਐਡਵੋਕੇਟ ਜਨਰਲ ਦੇ ਦਫ਼ਤਰ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੀ.ਐਸ.ਟੀ.ਈ.ਟੀ ਨੂੰ ਵੀ ਛੇਤੀ ਕਰਵਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
Read More : ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾ ’ਚ ਮਨਾਈ ਗੋਪਸ਼ਟਮੀ

