ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਮਿਲਿਆ ਸਥਾਈ ਰੁਜ਼ਗਾਰ
ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ‘ਰੁਜ਼ਗਾਰ ਕ੍ਰਾਂਤੀ’ ਤਹਿਤ ਸਥਾਨਕ ਫੰਡ ਲੇਖਾ ਵਿਭਾਗ ਵਿੱਚ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਜੂਨੀਅਰ ਆਡੀਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਨਵੇਂ ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਆਪਣੀਆਂ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਸੂਬੇ ਦੇ ਜਨਤਕ ਅਦਾਰਿਆਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਲਈ ਉਨ੍ਹਾਂ ਦੀ ਇਮਾਨਦਾਰੀ ਲਾਜ਼ਮੀ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਇਹ ਭਰਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਰਾਹੀਂ ਸਖ਼ਤੀ ਨਾਲ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਵੀਂ ਪ੍ਰਤਿਭਾ ਨਾਲ ਵਿੱਤ ਵਿਭਾਗ ਦੇ ਸਥਾਨਕ ਫੰਡ ਲੇਖਾ ਵਿੰਗ ਦੀ ਕੁਸ਼ਲਤਾ ਅਤੇ ਉਤਪਾਦਕਤਾ ਵਿੱਚ ਵਾਧਾ ਹੋਵੇਗਾ।
ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਾ ਇੱਕ ਇਤਿਹਾਸਕ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ‘ਰੁਜ਼ਗਾਰ ਕ੍ਰਾਂਤੀ’ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸਾਰੇ ਵਿਭਾਗਾਂ ਵਿੱਚ ਇੱਕ ਮਜ਼ਬੂਤ, ਕੁਸ਼ਲ ਅਤੇ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਕੀ ਢਾਂਚਾ ਸਿਰਜਿਆ ਜਾ ਸਕੇ।
Read More : DC ਬਨਾਮ LSG : ਦਿੱਲੀ ਕੈਪੀਟਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ
