ਪੰਜਾਬ ਦੇ ਰਾਜਪਾਲ ਨੇ ਨੌਜਵਾਨੀ ਨੂੰ ਬਚਾਉਣ ਲਈ ਲੋਕ ਅੰਦੋਲਨ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 24 ਫ਼ਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹੁਸ਼ਿਆਰਪੁਰ ਵਿਖੇ ਨਸ਼ਿਆਂ ਵਿਰੁੱਧ ਕੱਢੀ ਗਈ ਇੱਕ ਵਿਸ਼ਾਲ ਪੈਦਲ ਯਾਤਰਾ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਨਸ਼ਾ ਮੁਕਤੀ ਦੀ ਮੁਹਿੰਮ ਨੂੰ ਇੱਕ ਜਨ-ਅੰਦੋਲਨ ਵਿੱਚ ਬਦਲਣਾ ਸਮੇਂ ਦੀ ਮੁੱਖ ਲੋੜ ਹੈ।
ਰਾਜਪਾਲ ਕਟਾਰੀਆ ਨੇ ਇੱਕ ਗੰਭੀਰ ਮੁੱਦਾ ਚੁੱਕਦਿਆਂ ਕਿਹਾ ਕਿ ਪਾਕਿਸਤਾਨ ਖ਼ੁਦ ਭਾਰਤ ਨੂੰ ਸਿੱਧਾ ਨੁਕਸਾਨ ਪਹੁੰਚਾਉਣ ਦੀ ਤਾਕਤ ਨਹੀਂ ਰੱਖਦਾ, ਪਰ ਕੁਝ ਵਿਦੇਸ਼ੀ ਤਾਕਤਾਂ ਉਸ ਦੀ ਮਦਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਕਰ ਕੇ ਦੇਸ਼ ਦਾ ਮਾਹੌਲ ਖਰਾਬ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਰਤੀ ਸੁਰੱਖਿਆ ਫੋਰਸਾਂ ਇਨ੍ਹਾਂ ਚੁਣੌਤੀਆਂ ਦਾ ਮੂੰਹਤੋੜ ਜਵਾਬ ਦੇ ਰਹੀਆਂ ਹਨ ਅਤੇ ਸਰਕਾਰ ਵੱਲੋਂ ਐਂਟੀ-ਡਰੋਨ ਪ੍ਰਣਾਲੀਆਂ ਵਰਗੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਤੋਂ ਸ਼ੁਰੂ ਹੋਈ ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਗੁਜ਼ਰੀ। ਇਸ ਵਿੱਚ ਯੂਨੀਵਰਸਿਟੀਆਂ ਦੇ ਉਪਕੁਲਪਤੀ, ਸਿੱਖਿਆ ਸ਼ਾਸਤਰੀ, ਐੱਨ.ਜੀ.ਓਜ਼, ਧਾਰਮਿਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸਾਂਝਾ ਸੰਕਲਪ ਲਿਆ।
ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਬਚਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਸਭ ਤੋਂ ਪਹਿਲਾਂ ਨਸ਼ਾ ਮੁਕਤ ਕਰਨਾ ਹੋਵੇਗਾ। ਉਨ੍ਹਾਂ ਪੰਚਾਇਤਾਂ, ਧਾਰਮਿਕ ਸੰਗਠਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਈ। ਕਾਲਜ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੰਗਠਨਾਂ ਵੱਲੋਂ ਰਾਜਪਾਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Read More : ਸੱਤਾ ’ਚ ਆਉਂਦੇ ਹੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਅੱਤਵਾਦੀ ਐਲਾਨਾਂਗੇ : ਸੁਖਬੀਰ ਬਾਦਲ
