ਸੰਗਰੂਰ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਚੜ੍ਹਾਉਣਗੇ ਕੌਮੀ ਤਿਰੰਗਾ – ਵਧੀਕ ਡਿਪਟੀ ਕਮਿਸ਼ਨਰ
ਸੰਗਰੂਰ, 13 ਅਗਸਤ – 15 ਅਗਸਤ ਦਿਨ ਸ਼ੁੱਕਰਵਾਰ ਨੂੰ ਪੁਲਿਸ ਲਾਈਨਜ਼, ਸੰਗਰੂਰ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਉਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਪੁਲਿਸ ਲਾਈਨਜ਼ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਹਨਾਂ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਉਹਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਹਨਾਂ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।