ਕਿਹਾ- ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਰਚੀ ਜਾ ਰਹੀ ਸਾਜ਼ਿਸ਼
ਪਟਿਆਲਾ, 11 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ 2024 ਦੇ ਉਸ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ, ਜਿਸ ’ਚ ਅਕਾਲੀ ਦਲ ਦੇ ਵੱਖ-ਵੱਖ ਧੜੇ ਬਣਾਉਣ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ। ‘ਸਾਰੀ ਦੁਨੀਆਂ ਜਾਣਦੀ ਹੈ ਕਿ ਹਰਪ੍ਰੀਤ ਸਿੰਘ ਨੇ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਕੇਂਦਰੀ ਏਜੰਸੀਆਂ ਨਾਲ ਰਲ ਕੇ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਨੂੰ ਵੰਡਣ ਅਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ।
ਹਰ ਕਿਸੇ ਨੇ ਵੇਖਿਆ ਹੈ ਕਿ ਕਿਵੇਂ ਉਨ੍ਹਾਂ ਨੇ ਮੇਰੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕਿਸੇ ਵੀ ਗਲਤੀ ਲਈ ਮੇਰੇ ਵੱਲੋਂ ਜ਼ਿੰਮੇਵਾਰੀ ਲੈਣ ਮਗਰੋਂ ਮੇਰੇ ਕਤਲ ਦੀ ਸਾਜ਼ਿਸ਼ ਲਈ ਵੀ ਥਾਪੜਾ ਦਿੱਤਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੇਰੇ ਪੂਰਨ ਤੌਰ ’ਤੇ ਆਤਮ-ਸਮਰਪਣ ਕਰਨ ’ਤੇ ਇਸ ਸਾਜ਼ਿਸ਼ ਨੂੰ ਮਾਤ ਪਈ। ਸੁਖਬੀਰ ਬਾਦਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਇਥੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਪਾਰਟੀ ਵਰਕਰਾਂ ਨੇ ਜੈਕਾਰਿਆਂ ਨਾਲ ਅਾਸਮਾਨ ਗੂੰਜਣ ਲਾ ਦਿੱਤਾ ਅਤੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਰੱਜਵੀਂ ਸ਼ਲਾਘਾ ਕੀਤੀ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ‘ਆਪ’ ਸਰਕਾਰ ਵੱਲੋਂ ਜੋ 65,000 ਏਕੜ ਜ਼ਮੀਨ ਐਕਵਾਇਰ ਕਰਨ ਦੀ ਯੋਜਨਾ ਹੈ, ਉਸ ’ਚੋਂ ਇਕ ਇੰਚ ਵੀ ਜ਼ਮੀਨ ਹੜੱਪ ਨਹੀਂ ਕਰਨ ਦੇਵੇਗਾ। ਉਨ੍ਹਾਂ ਮੁੜ ਦੁਹਰਾਇਆ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਐਕਵਾਇਰ ਕੀਤੀ ਗਈ ਜ਼ਮੀਨ, ਅਸਲ ਮਾਲਕਾਂ ਨੂੰ ਮੁੜ ਵਾਪਸ ਦਿੱਤੀ ਜਾਵੇਗੀ।
ਇਸ ਦੌਰਾਨ ਸ. ਬਾਦਲ ਨੇ ਕਿਹਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦੀਆਂ ਗਤੀਵਿਧੀਆਂ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਵੱਲੋਂ ਉਨ੍ਹਾਂ ਦੀ ਮਦਦ ਕਰਨ ਬਾਰੇ ਕੁਝ ਕਹਿਣਾ ਨਹੀਂ ਚਾਹੁੰਦੇ ਪਰ ਉਹ ਤਾਂ ਇਸ ਬਾਰੇ ਆਖ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਸੱਚ ਪਤਾ ਲੱਗ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਮੈਨੂੰ ਅਤੇ ਅਕਾਲੀ ਲੀਡਰਸ਼ਿਪ ਨੂੰ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਤਲਬ ਕੀਤਾ ਸੀ ਤਾਂ ਜੋ ਮੈਨੂੰ ਪੰਥ ’ਚੋਂ ਛੇਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮਾਮਲਾ ਅਕਾਲੀ ਦਲ ਦੇ ਨੋਟਿਸ ’ਚ ਆਇਆ ਤਾਂ ਲੀਡਰਸ਼ਿਪ ਨੇ ਫੈਸਲਾ ਕੀਤਾ ਕਿ ਜਦੋਂ ਸ੍ਰੀ ਅਕਾਲ ਤਖਤ ਨੇ ਹੀ ਪ੍ਰਧਾਨ ਨੂੰ ਤਲਬ ਕਰ ਲਿਆ ਹੈ ਤਾਂ ਕੋਈ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ। ਇਸੇ ਵਾਸਤੇ ਅਸੀਂ ਸਰਕਾਰ, ਪਾਰਟੀ ਜਾਂ ਕਿਸੇ ਵੀ ਅਫਸਰ ਵੱਲੋਂ ਕੀਤੀ ਗਲਤੀ ਦਾ ਦੋਸ਼ ਆਪਣੇ ਸਿਰ ਲੈ ਲਿਆ।
ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਹਮੇਸ਼ਾ ਪੰਥ ਦੇ ਸਿਧਾਂਤਾਂ ਲਈ ਡਟੇ ਰਹਿਣਗੇ। ਅਜਿਹੀਆਂ ਕਾਰਵਾਈਆਂ ਉਨ੍ਹਾਂ ਨੂੰ ਪੰਥ ਅਤੇ ਪੰਜਾਬ ਦੇ ਭਲੇ ਵਾਸਤੇ ਡਟਣ ਤੋਂ ਨਹੀਂ ਰੋਕ ਸਕਦੀਆਂ। ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਸਾਡੇ ਪੁਰਖਿਆਂ ਦੀਆਂ ਸ਼ਹਾਦਤਾਂ ਨਾਲ ਬਣਿਆ ਹੈ ਅਤੇ ਇਹ ਹਮੇਸ਼ਾ ਆਪਣੇ ਆਦਰਸ਼ਾਂ ਅਤੇ ਸਿਧਾਂਤਾਂ ਲਈ ਡਟਿਆ ਰਹੇਗਾ।
ਸਥਾਨਕ ਬਾਗੀ ਆਗੂਆਂ ਚੰਦੂਮਾਜਰਾ ਅਤੇ ਰੱਖੜਾ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਇਨ੍ਹਾਂ ਦੇ ਚੁੰਗਲ ਤੋਂ ਬਚਾ ਲਿਆ ਹੈ। ਇਹ ਆਗੂ ਤੁਹਾਨੂੰ ਉੱਠਣ ਨਹੀਂ ਦਿੰਦੇ ਸਨ। ਮੈਨੂੰ ਇਨ੍ਹਾਂ ਆਗੂਆਂ ਦੀ ਜ਼ਰੂਰਤ ਨਹੀਂ ਹੈ। ਮੈਨੂੰ ਤਾਂ ਤੁਹਾਡਾ ਆਸ਼ੀਰਵਾਦ ਚਾਹੀਦਾ ਹੈ। ਉਨ੍ਹਾਂ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਪਛਾਣ ਕਰਨ, ਜਿਨ੍ਹਾਂ ਨੇ ਪੰਥ ਨੂੰ ਧੋਖਾ ਦਿੱਤਾ ਤੇ ਉਨ੍ਹਾਂ ਨੇ ਅੱਜ ਵਿਸ਼ਾਲ ਇਕੱਠ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਐੱਨ. ਕੇ. ਸ਼ਰਮਾ, ਹਰਪ੍ਰੀਤ ਕੌਰ ਮੁਖਮੇਲਪੁਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੁਰਜੀਤ ਸਿੰਘ ਗੜ੍ਹੀ, ਕਬੀਰ ਦਾਸ, ਸਰਬਜੀਤ ਸਿੰਘ ਝਿੰਜਰ, ਜਗਮੀਤ, ਅਮਿਤ ਸਿੰਘ ਰਾਠੀ, ਜਸਪਾਲ ਸਿੰਘ ਬਿੱਟੂ ਚੱਠਾ, ਰਾਜਿੰਦਰ ਸਿੰਘ ਵਿਰਕ, ਮੱਖਣ ਸਿੰਘ ਲਾਲਕਾ, ਅਮਰਿੰਦਰ ਸਿੰਘ ਬਜਾਜ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
Read More : ਪੋਕਸੋ ਐਕਟ ਅਧੀਨ 2 ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
