Smuggling Module

ਗੈਂਗਸਟਰ ਹੈਪੀ ਜੱਟ ਦੇ ਨਸ਼ਾ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼

25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ, 19 ਸਤੰਬਰ : ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਸਮੱਗਲਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਸਮੱਗਲਿੰਗ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ -ਕਮ -ਨਸ਼ਾ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ, ਜੋ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ, ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਹੈਪੀ ਜੱਟ ਇੱਕ ਭਗੌੜਾ ਅਪਰਾਧੀ ਹੈ ਅਤੇ ਰਾਜ ਵਿੱਚ ਘੱਟੋ-ਘੱਟ 21 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਉਸਦੀ ਹਵਾਲਗੀ ਲਈ ਸਰਗਰਮ ਹਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਏ.ਐਨ.ਟੀ.ਐਫ. ਬਾਰਡਰ ਰੇਂਜ ਦੇ ਐਸ.ਪੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਖ਼ਤਾ ਖੁਫੀਆ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਬਾਰਡਰ ਰੇਂਜ ਅਤੇ ਬੀਐਸਐਫ ਨੇ ਤਾਲਮੇਲ-ਪੂਰਨ ਅਤੇ ਸਾਂਝੀ ਕਾਰਵਾਈ ਤਹਿਤ ਦੋਸ਼ੀ ਸਾਜਨ ਸਿੰਘ ਨੂੰ ਪਿੰਡ ਬਹਿੜਵਾਲ ਦੇ ਨੇੜਿਓਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਇੱਕ ਦਿਨ ਪਹਿਲਾਂ ਹੀ ਪਾਕਿਸਤਾਨ ਤੋਂ ਪਿੰਡ ਡਾਲੇਕੇ ਵਿੱਚ ਇੱਕ ਭਾਰੀ ਡਰੋਨ ਰਾਹੀਂ ਪਹੁੰਚਾਈ ਗਈ ਸੀ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਸਾਜਨ ਵੱਖ-ਵੱਖ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਹੈਪੀ ਜੱਟ ਦੇ ਸੰਪਰਕ ਵਿੱਚ ਸੀ ਅਤੇ ਪਿਛਲੇ ਦੋ ਮਹੀਨਿਆਂ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਜਾ ਰਹੀਆਂ ਹੈਰੋਇਨ ਦੀ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਐਸ.ਪੀ. ਨੇ ਕਿਹਾ ਕਿ ਇਸ ਮਾਡਿਊਲ ਦੇ ਦੋ ਹੋਰ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਭਾਲ ਕਰ ਰਹੀਆਂ ਹਨ। ਇਸ ਸਬੰਧ ਵਿੱਚ, ਇੱਕ ਕੇਸ ਐਫਆਈਆਰ ਪੁਲਿਸ ਸਟੇਸ਼ਨ , ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ।

Read More : ਰਿਸ਼ਵਤਖੋਰੀ ਦੇ ਦੋਸ਼ ’ਚ ਸਹਾਇਕ ਮੰਡਲ ਫਾਇਰ ਅਫ਼ਸਰ ਮੁਅੱਤਲ

Leave a Reply

Your email address will not be published. Required fields are marked *