Gangster-to-War

‘ਗੈਂਗਸਟਰ ਟੂ ਵਾਰ’ ਮੁਹਿੰਮ : 14 ਦਿਨਾਂ ’ਚ 4,233 ਗ੍ਰਿਫ਼ਤਾਰੀਆਂ ਤੇ 116 ਹਥਿਆਰ ਬਰਾਮਦ

 ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਹਾਲੀ ਵਿਚ ਵਿਸ਼ੇਸ਼ ਨਾਕਿਆਂ ਦਾ ਕੀਤਾ ਨਿਰੀਖਣ

ਮੋਹਾਲੀ, 3 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਗੈਂਗਸਟਰ ਟੂ ਵਾਰ’ ਮੁਹਿੰਮ ਵੱਡੀ ਸਫਲਤਾ ਵੱਲ ਵੱਧ ਰਹੀ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਅੱਜ ਮੋਹਾਲੀ ਦੇ ਗੋਦਰੇਜ ਚੌਕ ਵਿਖੇ ਵਿਸ਼ੇਸ਼ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ 20 ਜਨਵਰੀ ਤੋਂ ਸ਼ੁਰੂ ਹੋਈ ਇਸ ਨਿਰਣਾਇਕ ਮੁਹਿੰਮ ਦੌਰਾਨ ਹੁਣ ਤੱਕ 116 ਹਥਿਆਰ, 262 ਜ਼ਿੰਦਾ ਕਾਰਤੂਸ ਅਤੇ 23 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੁਲਿਸ ਨੇ ਪਿਛਲੇ 14 ਦਿਨਾਂ ਵਿੱਚ 283 ਭਗੌੜੇ ਅਪਰਾਧੀਆਂ (PO) ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਰੀ ਕੀਤੀ ਗਈ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਪੁਲਿਸ ਦਾ ਮੰਨਣਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਅਪਰਾਧ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।

ਦੂਜੇ ਪਾਸੇ, ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਵੀ ਨਿਰੰਤਰ ਜਾਰੀ ਹੈ। ਮੁਹਿੰਮ ਦੇ 338ਵੇਂ ਦਿਨ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਇਸ ਮੁਹਿੰਮ ਤਹਿਤ ਕੁੱਲ 47,498 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨਾ ਸਿਰਫ਼ ਅਪਰਾਧੀਆਂ ਨੂੰ ਫੜ ਰਹੀ ਹੈ, ਸਗੋਂ ਨਸ਼ਾ ਛੁਡਾਊ ਮੁਹਿੰਮ ਤਹਿਤ ਨੌਜਵਾਨਾਂ ਨੂੰ ਮੁੜ ਵਸੇਬੇ ਲਈ ਵੀ ਪ੍ਰੇਰਿਤ ਕਰ ਰਹੀ ਹੈ।

Read More : ਵਿਜੀਲੈਂਸ ਵੱਲੋਂ RTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Leave a Reply

Your email address will not be published. Required fields are marked *