ਪੰਜਾਬ ਛੱਡਣ ਗੈਂਗਸਟਰ, ਨਹੀਂ ਤਾਂ ਹਫਤੇ ’ਚ ਸਰਕਾਰ ਕਰੇਗੀ ਸਫਾਇਆ :ਕੇਜਰੀਵਾਲ

ਤਰਨਤਾਰਨ, 6 ਨਵੰਬਰ : ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਇਕ ਹਫ਼ਤੇ ਦੇ ਅੰਦਰ ਤਰਨਤਾਰਨ ਇਲਾਕੇ ਸਣੇ ਪੰਜਾਬ ਛੱਡ ਦੇਣ, ਨਹੀਂ ਤਾਂ ਸੂਬਾ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਕੇਜਰੀਵਾਲ ਅੱਜ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਪਾਰਟੀ ਵੱਲੋਂ ਆਯੋਜਿਤ ਇਕ ਰੋਡ ਸ਼ੋਅ ਨੂੰ ਸੰਬੋਧਨ ਕਰ ਰਹੇ ਸਨ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਤਿੰਨ ਸਾਲਾਂ ਤੋਂ ਸੱਤਾ ਵਿਚ ਹੈ, ਜਦੋਂ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ। ਇਸ ਸਮੇਂ ਦੌਰਾਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਰਾਜ ਕੀਤਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 56,000 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਕਿਸੇ ਵੀ ਉਮੀਦਵਾਰ ਨੂੰ ਰਿਸ਼ਵਤ ਵਜੋਂ ਇਕ ਪੈਸਾ ਵੀ ਨਹੀਂ ਦੇਣਾ ਪਿਆ, ਜਦੋਂ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਰਾਜ ਵਿਚ ਰਿਸ਼ਵਤ ਅਤੇ ਸਿਫਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀ ਨਹੀਂ ਮਿਲਦੀ ਸੀ। ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿਚ ਬਿਜਲੀ ਦੇ ਬਿੱਲ ਮੁਆਫ਼ ਕਰ ਦਿੱਤੇ ਅਤੇ ਹੁਣ ਲੋਕਾਂ ਨੂੰ ਜ਼ੀਰੋ ਬਿੱਲ ਮਿਲ ਰਹੇ ਹਨ। ਪੂਰੇ ਦੇਸ਼ ਵਿਚ ਸਿਰਫ਼ ਪੰਜਾਬ ਅਤੇ ਦਿੱਲੀ ਨੂੰ ਹੀ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੰਡਿਆਲਾ ਰੋਡ ’ਤੇ ਇਕ ਓਵਰਬ੍ਰਿਜ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਤਰਨਤਾਰਨ ਇਕ ਸਰਹੱਦੀ ਇਲਾਕਾ ਹੈ ਅਤੇ ਇੱਥੇ ਕੁੜੀਆਂ ਲਈ ਇਕ ਸ਼ਾਨਦਾਰ ਤਕਨੀਕੀ ਕਾਲਜ ਬਣਾਇਆ ਜਾਵੇਗਾ। ਤੀਜੀ ਗਾਰੰਟੀ ਵਜੋਂ ਉਨ੍ਹਾਂ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਤਰਨਤਾਰਨ ਛੱਡ ਦੇਣ ਜਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਦੇਵੇਗੀ।

ਉਨ੍ਹਾਂ ਕਿਹਾ ਕਿ ਇਕ ਕਾਂਗਰਸੀ ਆਗੂ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਨਿੱਜੀ ਟਿੱਪਣੀਆਂ ਕੀਤੀਆਂ ਸਨ, ਜੋ ਦਲਿਤਾਂ ਪ੍ਰਤੀ ਕਾਂਗਰਸ ਦੇ ਰਵੱਈਏ ਨੂੰ ਉਜਾਗਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਜਨਤਾ ਬਦਲਾਅ ਮਹਿਸੂਸ ਕਰ ਰਹੀ ਹੈ।

Read More : ਭਾਰਤੀ ਮਹਿਲਾ ਕ੍ਰਿਕਟ ਟੀਮ ਨਾਲ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

Leave a Reply

Your email address will not be published. Required fields are marked *