ਬੈਂਕਾਕ ਤੋਂ ਆਏ ਯਾਤਰੀ ਨੇ ਖਾਣ-ਪੀਣ ਦੇ ਡੱਬਿਆਂ ਵਿੱਚ ਲੁਕਾਇਆ ਸੀ ਨਸ਼ਾ; ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 8 ਅਪ੍ਰੈਲ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਭਾਗ ਨੇ ਜਾਂਚ ਦੌਰਾਨ 964 ਗ੍ਰਾਮ ਗਾਂਜਾ ਜ਼ਬਤ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 96 ਲੱਖ ਰੁਪਏ ਦੱਸੀ ਜਾ ਰਹੀ ਹੈ।
ਕਸਟਮ ਵਿਭਾਗ ਅਨੁਸਾਰ ਮੁਲਜ਼ਮ ਯਾਤਰੀ ਬੈਂਕਾਕ ਤੋਂ ਫਲਾਈਟ ਨੰਬਰ SL-214 ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਉਸ ਨੇ ਗਾਂਜੇ ਨੂੰ ਬਹੁਤ ਚਲਾਕੀ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਅਤੇ ਮਿਠਾਈਆਂ ਦੇ ਚਾਰ ਵੱਖ-ਵੱਖ ਡੱਬਿਆਂ ਵਿੱਚ ਲੁਕੋ ਕੇ ਰੱਖਿਆ ਹੋਇਆ ਸੀ।
ਕਸਟਮ ਅਧਿਕਾਰੀਆਂ ਨੇ APS ਪ੍ਰੋਫਾਈਲਿੰਗ ਅਤੇ ਆਧੁਨਿਕ ਸਾਮਾਨ ਸਕ੍ਰੀਨਿੰਗ ਤਕਨਾਲੋਜੀ ਦੀ ਮਦਦ ਨਾਲ ਸ਼ੱਕੀ ਗਤੀਵਿਧੀ ਦਾ ਪਤਾ ਲਗਾਇਆ ਅਤੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।
ਕਸਟਮ ਵਿਭਾਗ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਇੱਕ ਸਖ਼ਤ ਸੰਦੇਸ਼ ਹੈ। ਭਵਿੱਖ ਵਿੱਚ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਹਵਾਈ ਅੱਡੇ ‘ਤੇ ਸੁਰੱਖਿਆ ਹੋਰ ਵੀ ਸਖ਼ਤ ਕੀਤੀ ਜਾਵੇਗੀ।
ਅੰਮ੍ਰਿਤਸਰ ਕਸਟਮ ਵਿਭਾਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਵੇ, ਤਾਂ ਉਸ ਦੀ ਸੂਚਨਾ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ।
Read More : ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਐਲਾਨ
