ਨਵੀਂ ਦਿੱਲੀ 14 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ
ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।
ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਰਾਹੀਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ ‘ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ਬੀਜ ਬਿੱਲ-2025 ਅਧੀਨ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਭਾਵੇਂ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦ ਹੈ ਪਰ ਦੇਸ਼ ਦੇ ਅੰਨ ਭੰਡਾਰ ਵਿੱਚ ਇਹ ਸਾਲਾਨਾ ਲਗਭਗ 185 ਲੱਖ ਮੀਟਰਕ ਟਨ ਚੌਲ ਅਤੇ 125 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਸਾਉਣੀ ਅਤੇ ਹਾੜੀ ਦੋਵਾਂ ਫਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ।
ਬੀਜ ਬਿੱਲ-2025 ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਪੰਜਾਬ ਕੌਮੀ ਖੁਰਾਕ ਪੂਲ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ, ਇਸ ਲਈ ਕੇਂਦਰੀ ਬੀਜ ਕਮੇਟੀ ਵਿੱਚ ਇਸ ਦੀ ਢੁਕਵੀਂ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਅਤੇ ਖੇਤੀਬਾੜੀ ਖੇਤਰ ਦੀ ਰਾਖੀ ਲਈ ਸੂਬਾ ਪੱਧਰੀ ਬੀਜ ਕਮੇਟੀ ਦੀ ਮੌਜੂਦਾ ਭੂਮਿਕਾ ਅਤੇ ਸ਼ਕਤੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ।
